ਅੰਮ੍ਰਿਤਸਰ:ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੀ-20 ਨਾਲ ਸਬੰਧਿਤ ਸਾਰੇ ਵਿਕਾਸ ਕਾਰਜ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ।
'ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਕਰਨਗੇ ਸ਼ਿਰਕਤ'ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਮਾਰਚ 2023 ਵਿਚ ਜੀ-20 ਸੰਮੇਲਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਜਾ ਰਿਹਾ ਹੈ। ਜਿਸ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।
'ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ':ਨਿੱਜਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਕਾਰਜ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਦੇ ਅੰਮ੍ਰਿਤਸਰ ਸ਼ਹਿਰ ਨੂੰ ਭਾਰਤ ਦੀ ਤਰਫੋਂ ਵਿਸ਼ਵ ਦੇ ਨਕਸ਼ੇ 'ਤੇ ਪੇਸ਼ ਕਰਨਾ ਹੈ। ਇਸ ਲਈ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।