ਅੰਮ੍ਰਿਤਸਰ :ਪੰਜਾਬ ਐਂਡ ਯੂ ਟੀ ਸਾਝਾਂ ਮੁਲਾਜਮ ਅਤੇ ਪੈਂਨਸ਼ਨਰ ਸਾਂਝਾ ਫਰੰਟ ਅੰਮ੍ਰਿਤਸਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਗਿਆ। ਸੁਖਵਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਪੰਜਾਬ ਦੀ ਬੇਈਮਾਨ ਅਤੇ ਨਿੱਜੀਕਰਨ ਪੱਖੀ ਨੀਤੀਆਂ ਨੂੰ ਪੱਬਾਂ ਭਾਰ ਹੋ ਕੇ ਲਾਗੂ ਕਰਨ ਵਾਲੀ ਕੈਪਟਨ ਸਰਕਾਰ ਵੱਲੋਂ ਛੇਵੇਂ ਪੇ ਕਮਿਸ਼ਨ (Pay Commission) ਦੀ ਰਿਪੋਰਟ ਅਤੇ ਵਿੱਤ ਵਿਭਾਗ ਰਾਹੀਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਲਾਗੂ ਕੀਤੀਆਂ ਜਾ ਰਹੀਆਂ ਹਨ। 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਸਾਲ 2011 ਦੌਰਾਨ ਮੁਲਾਜਮਾਂ ਨੂੰ ਮਿਲੇ ਤਨਖਾਹ ਸਟੈਪ ਅੱਪਗਰੇਡ ਵਾਧੇ ਖ਼ਤਮ ਕੀਤੇ ਜਾ ਰਹੇ ਹਨ।
ਇਸ ਮੌਕੇ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਗਈ ਪੰਜਵੇਂ ਤਨਖਾਹ ਕਮਿਸ਼ਨ ਦੀ ਕਮੇਟੀ ਵੱਲੋਂ 24 ਕੈਟਾਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟਾਗਰੀਆਂ ਦੇ ਤਨਖਾਹ ਗਰੇਡਾਂ 'ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ, 2.25 ਜਾਂ 2.59 ਗੁਣਾਂਕ ਚੋਂ ਇੱਕ ਚੁਨਣ ਦੀ ਮਾਰੂ ਆਪਸ਼ਨ ਦੀ ਥਾਂ ਸਾਰਿਆਂ ਲਈ ਇੱਕ ਸਮਾਨ ਉਚਤਮ ਗੁਣਾਂਕ 3.74 ਲਾਗੂ ਹੋਵੇ।ਆਗੂਆਂ ਦਾ ਕਹਿਣਾ ਹੈ ਕਿ 20-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਹੋਵੇ ਅਤੇ ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਹੋਣ ਅਤੇ ਪੇਂਡੂ ਇਲਾਕਾ ਭੱਤਾ ਤੇ ਐੱਚ.ਆਰ.ਏ. ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ।