ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਡੀਸੀ ਦਫ਼ਤਰ ਵਿੱਖੇ ਆਪਣੇ ਮੰਗ ਪੱਤਰ ਦਿੰਦਿਆ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਦੀਆਂ ਪਿਛਲੇ ਸਮੇਂ ਤੋਂ ਕਈ ਮੰਗਾਂ ਚਲਦੀਆਂ ਆ ਰਹੀਆਂ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਇਸ ਨੂੰ ਲੈ ਕੇ ਹੁਣ ਮੋਰਚਾ ਖੋਲ੍ਹਣ ਦੀ ਤਿਆਰੀ ਕੀਤਾ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਉਹ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰ ਕੇ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾਂ ਚੱਲਦੀਆਂ ਆ ਰਹੀਆਂ ਹਨ, ਜੋ ਸਰਕਾਰ ਵੱਲੋਂ ਮੰਨੀਆਂ ਨਹੀਂ ਜਾ ਰਹੀਆਂ ਹਨ। ਸਰਕਾਰ ਵੱਲੋਂ ਵੀ ਸੱਤਾ 'ਚ ਆਉਣ ਤੋਂ ਪਹਿਲਾਂ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਸੀ ਅਤੇ ਸਰਕਾਰ ਉਨ੍ਹਾਂ ਵਾਅਦਿਆਂ ਤੋਂ ਭੱਜਦੀ ਹੋਈ ਦਿਖਾਈ ਦੇ ਰਹੀ ਹੈ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਬਿਜਲੀ ਕਿਸਾਨਾਂ ਨੂੰ ਪੂਰੀ ਮੁਹੱਈਆ ਕਰਵਾਈ ਜਾਵੇਗੀ, ਪਰ ਹੁਣ ਸਿਰਫ ਜਦੋਂ ਪਾਣੀ ਦੀ ਜ਼ਰੂਰਤ ਹੈ ਤਾਂ 2 ਤੋਂ 3 ਘੰਟੇ ਹੀ ਬਿਜਲੀ ਕਿਸਾਨਾਂ ਨੂੰ ਮਿਲ ਰਹੀ ਹੈ। ਇਸਦੇ ਨਾਲ ਪੰਜਾਬ ਵਿੱਚ ਇਸ ਸਮੇਂ ਨਸ਼ਾ ਬਹੁਤ ਵਧਦਾ ਜਾ ਰਿਹਾ ਹੈ। ਸਰਕਾਰ ਨੇ ਵਾਅਦਾ ਕੀਤਾ ਸੀ ਕਿ 4 ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਵਾਇਆ ਜਾਵੇਗਾ, ਪਰ ਸਰਕਾਰ ਉਸ 'ਚ ਵੀ ਨਾਕਾਮ ਨਜ਼ਰ ਆਈ ਹੈ।