ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਦਸੰਬਰ ਮਹੀਨੇ ਦੀ ਪਹਿਲੀ ਸੰਘਣੀ ਧੁੰਦ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਸੰਘਣੀ ਧੁੰਦ ਕਾਰਨ ਲੋਕਾਂ ਨੂੰ ਜੀ.ਟੀ. ਰੋਡ ਅਤੇ ਹਾਈਵੇ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਸੜਕਾਂ 'ਤੇ ਚੱਲਣ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਦੋਂ ਸਵੇਰ ਸਮੇਂ ਸੈਰ ਕਰ ਰਹੇ ਸ਼ਹਿਰ ਵਾਸੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਹਰ ਵਿਅਕਤੀ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਤੋਂ ਇਲਾਵਾ ਡਿਊਟੀ 'ਤੇ ਜਾਣ ਵਾਲੇ ਲੋਕਾਂ ਨੂੰ ਵੀ ਵਾਹਨ ਚਲਾਉਣ 'ਚ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਅੰਮ੍ਰਿਤਸਰ 'ਚ ਦਸੰਬਰ ਦੀ ਪਹਿਲੀ ਸੰਘਣੀ ਧੁੰਦ, ਲੋਕਾਂ ਨੂੰ ਕਿਸਾਨਾਂ ਦੀ ਚਿੰਤਾ ਉਨ੍ਹਾਂ ਕਿਹਾ ਕਿ ਠੰਢੀਆਂ ਹਵਾਵਾਂ ਨਾਲ ਧੁੰਦ ਵਿੱਚ ਪੈ ਰਹੀ ਤ੍ਰੇਲ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਸੜਕਾਂ 'ਤੇ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਲਈ ਸਰਕਾਰਾਂ ਨੂੰ ਵਿਸ਼ੇਸ਼ ਇੰਤਜਾਮ ਕਰਨੇ ਚਾਹੀਦੇ ਹਨ। ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਰਿਫਲੈਕਟਰ ਲਗਾ ਕੇ ਚੱਲਣ ਲਈ ਕਿਹਾ ਤਾਂ ਜੋ ਦੁਰਘਟਨਾ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਧੁੰਦ ਦੀ ਸਭ ਤੋਂ ਵੱਡੀ ਸਮੱਸਿਆ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੈ। ਕਿਸਾਨ ਉਥੇ ਧੁੰਦ ਭਰੀਆਂ ਠੰਢੀਆਂ ਰਾਤਾਂ ਵਿੱਚ ਬੈਠੇ ਹਨ, ਬੱਚੇ, ਬਜ਼ੁਰਗਾਂ ਅਤੇ ਔਰਤਾਂ ਨੂੰ ਬਹੁਤ ਦਿੱਕਤ ਹੈ ਪਰੰਤੂ ਇਸ ਸਭ ਦੇ ਬਾਵਜੂਦ ਮੋਦੀ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀ ਤਾਨਾਸ਼ਾਹੀ ਛੱਡ ਦੇਵੇ। ਪਹਿਲ ਦੇ ਅਧਾਰ 'ਤੇ ਕਿਸਾਨਾਂ ਦੇ ਮਸਲੇ ਦਾ ਹੱਲ ਕਰੇ।