ਅੰਮ੍ਰਿਤਸਰ: ਬੀਤੇ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੋਰੋਨਾ ਵੈਕਸੀਨ ਲਵਾ ਕੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਸੀ ਕਿ ਹਰ ਇੱਕ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵੀ ਕੋਰੋਨਾ ਵੈਕਸੀਨ ਨੂੰ ਲੈਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਬੀਬੀ ਜਗੀਰ ਕੌਰ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਵਲੋਂ ਖੁਦ ਕੋਰੋਨਾ ਵੈਕਸੀਨ ਲਗਵਾਈ ਗਈ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ 'ਚ ਜਿਥੇ ਕੋਰੋਨਾ ਸੈਂਪਲਿੰਗ ਕੀਤੀ ਜਾਂਦੀ ਹੈ, ਉਥੇ ਹੀ ਮੁਫ਼ਤ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਦੀ ਉਮਰ 45 ਸਾਲ ਤੋਂ ਵੱਧ ਹੈ, ਉਹ ਹਸਪਤਾਲ ਆ ਕੇ ਕੋਰੋਨਾ ਵੈਕਸੀਨ ਲਗਵਾ ਸਕਦੇ ਹਨ।