ਪੰਜਾਬ

punjab

ETV Bharat / state

ਪਾਕਿ ’ਚ ਦੋ ਸਿੱਖਾਂ ਦੇ ਕਤਲ ਦੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ, ਕਹੀਆਂ ਇਹ ਵੱਡੀਆਂ ਗੱਲਾਂ - ਘੱਟ ਗਿਣਤੀਆਂ ਵਿੱਚ ਡਰ ਦੀ ਭਾਵਨਾ

ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖਾਂ ਦੇ ਹੋਏ ਕਤਲ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਲੈਕੇ ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਪਾਕਿ ’ਚ ਦੋ ਸਿੱਖਾਂ ਦੇ ਕਤਲ ਦੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ
ਪਾਕਿ ’ਚ ਦੋ ਸਿੱਖਾਂ ਦੇ ਕਤਲ ਦੀ ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ

By

Published : May 15, 2022, 9:32 PM IST

Updated : May 16, 2022, 11:56 AM IST

ਅੰਮ੍ਰਿਤਸਰ:ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਸ. ਰਣਜੀਤ ਸਿੰਘ ਅਤੇ ਸ. ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ। ਇਸੇ ਤਰ੍ਹਾਂ ਘੱਟ ਗਿਣਤੀਆਂ ’ਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਸਿੱਖਾਂ ਦੇ ਕਤਲ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਤੋਂ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਪਤਾ ਕੀਤਾ ਜਾਵੇ ਕਿ ਉਹ ਕਿਹੜੀਆਂ ਤਾਕਤਾਂ ਹਨ ਜੋ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਲਈ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਦੁੱਖਦਾਈ ਹਨ।

ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਵਿੱਚ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆ ਅੰਦਰ ਸ਼ਾਝੀਵਾਲਤਾ ਦਾ ਸੁਨੇਹਾ ਫੈਲਿਆ ਪਰ ਦੁੱਖ ਦੀ ਗਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨਸ਼ਾਨਾ ਬਣਾਇਆ ਜਾ ਰਿਹਾ ਹੈ।

ਜਥੇਦਾਰ ਨੇ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ, ਕਿਉਂਕਿ ਪਾਕਿਸਤਾਨ ਵਿੱਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਥੇ ਹੀ ਜਥੇਦਾਰ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।

ਇਹ ਵੀ ਪੜ੍ਹੋ:ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ’ਚ ਕੰਪਨੀ ਦੀ ਦੂਜੀ ਮੰਜ਼ਿਲ ਤੋਂ ਮਿਲੀ ਲਾਸ਼, ਮੌਤ ਤੋਂ ਪਹਿਲਾਂ ਦੀ CCTV ਆਈ ਸਾਹਮਣੇ

Last Updated : May 16, 2022, 11:56 AM IST

ABOUT THE AUTHOR

...view details