ਅੰਮ੍ਰਿਤਸਰ: ਨਵਾਂ ਸ਼ਹਿਰ ਦੇ ਪਿੰਡ ਨੰਗਲ ਛਾਂਗਾ 'ਚ ਬੀਤੇ ਦਿਨ ਇੱਕ ਸਿੱਖ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾ ਵੀਡੀਓ ਬਣਾ ਕੇ ਨਵਾਂ ਸ਼ਹਿਰ ਦੇ ਵਿਧਾਇਕ ਖ਼ਿਲਾਫ਼ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ, ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸੀ ਵਿਧਾਇਕ ਵਿਰੁੱਧ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨ ਦੀ ਖ਼ੁਦਕੁਸ਼ੀ ਅਤੇ ਦਸਤਾਰ ਦੀ ਬੇਅਦਬੀ ਦੇ ਮਾਮਲੇ ਵਿੱਚ ਜਿਹੜੇ ਵੀ ਕਾਂਗਰਸੀ ਆਗੂ, ਵਿਧਾਇਕ ਅੰਗਦ ਸੈਣੀ ਸਮੇਤ ਜੋ ਵੀ ਦੋਸ਼ੀ ਹਨ, ਉਨ੍ਹਾਂ ਖ਼ਿਲਾਫ਼ ਧਾਰਾ 302 ਅਤੇ 295 ਏ ਤਹਿਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹੁਕਮ ਕਰਨਗੇ ਕਿ ਇਸ ਸਬੰਧੀ ਕਮੇਟੀ ਬਣਾ ਕੇ ਜਾਂਚ ਕਰਕੇ ਸਰਕਾਰ ਦੇ ਸਾਹਮਣੇ ਰੱਖੀ ਜਾਵੇ।