ਅੰਮ੍ਰਿਤਸਰ: ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੋਰਟ ਵਲੋਂ 48 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਜਿਸ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਕਿ ਡੇਰਾ ਮੁਖੀ ਜੋ ਕਈ ਗੰਭੀਰ ਮਾਮਲਿਆਂ 'ਚ ਜੇਲ੍ਹ ਬੰਦ ਸੀ, ਉਸ ਨੂੰ ਪੈਰੋਲ ਦੇਣਾ ਬਹੁਤ ਹੀ ਗਲਤ ਹੈ।
ਇਸ ਸਬੰਧੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ 'ਚ ਕੈਦ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ। ਇਸ ਦੇ ਨਾਲ ਹੀ ਕਈ ਸਜ਼ਾਵਾਂ ਕੱਟ ਚੁੱਕੇ ਸਿੰਘ ਰਿਹਾਅ ਨਹੀਂ ਕੀਤੇ ਜਾ ਰਹੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਚੰਡੀਗੜ੍ਹ ਬੁੜੈਲ ਜੇਲ੍ਹ 'ਚ ਕਈ ਸਿੰਘ ਕੋਰੋਨਾ ਤੋਂ ਪ੍ਰਭਾਵਿਤ ਹਨ, ਪਰ ਫਿਰ ਵੀ ਉਨ੍ਹਾਂ ਦੀ ਰਿਹਾਈ ਨਹੀਂ ਕੀਤੀ ਜਾ ਰਹੀ।