ਅੰਮ੍ਰਿਤਸਰ:26 ਜਨਵਰੀ ਨੂੰ ਦਿੱਲੀ ਹਿੰਸਾ ਮਾਮਲੇ ’ਚ ਨਾਮਜ਼ਦ ਗੁਰਜੋਤ ਸਿੰਘ ਜਿਸ ’ਤੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ਉਸ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਸੀ। ਮਾਮਲੇ ਸਬੰਧੀ ਗੁਰਜੋਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ਦੇ ਬੇਟੇ ਨੂੰ ਫਸਾਇਆ ਗਿਆ ਹੈ। 26 ਜਨਵਰੀ ਦੀ ਘਟਨਾ ਵਿੱਚ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕੋਈ ਵੀ ਦੋਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਦਿੱਲੀ ਵਿਖੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ ਅਤੇ ਦਿੱਲੀ ਅੰਦੋਲਨ ਦੌਰਾਨ ਉਹ ਲਾਲ ਕਿਲੇ ਦੇ ਨਜ਼ਦੀਕ ਚਲਾ ਗਿਆ ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਸ ਦਾ ਨਾਂ ਵੀ ਮੁਕਦਮਾ ਦਰਜ ਕਰ ਦਿੱਤਾ। ਦੱਸ ਦਈਏ ਕਿ ਗੁਰਜੋਤ ਸਿੰਘ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ ਉਸ ਨੂੰ ਰਿਹਾਅ ਕੀਤਾ ਜਾਵੇ।
ਇਹ ਵੀ ਪੜੋ: ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗੁਰਜੋਤ ਸਿੰਘ ਨੇ ਕੀਤੇ ਇਹ ਖੁਲਾਸੇ
ਦੂਜੇ ਪਾਸੇ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਗੁਰਜੋਤ ਸਿੰਘ ਬਿਲਕੁੱਲ ਬੇਕਸੂਰ ਹੈ ਉਸ ਨੂੰ ਦਿੱਲੀ ਪੁਲਿਸ ਨੇ ਕੇਂਦਰ ਦੇ ਇਸ਼ਾਰੇ ’ਤੇ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰਾ ਪਿੰਡ ਤਲਵੰਡੀ ਸੋਭਾ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।