ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਰੂ ਬਾਣੀ ਸਰਬਨ ਕੀਤੀ। ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬਹੁਤ ਕੀਮਤੀ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ।
ਗੁਰੂ ਸਾਹਿਬ ਦਾ ਜਨਮ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਗੋਇੰਦਵਾਲ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ।
ਉਹ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। 1574 ਵਿੱਚ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਗੁਰੂ ਰਾਮ ਦਾਸ ਜੀ ਨੂੰ ਸਿੱਖਾਂ ਦੇ ਚੌਥੇ ਗੁਰੂ ਥਾਪਿਆ ਗਿਆ ਸੀ। ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰੂ ਰਾਮ ਦਾਸ ਜੀ ਆਪਣੇ ਪੁੱਤਰਾਂ ਸਮੇਤ ਗੁਰੂ ਕਾ ਚੱਕ (ਅੰਮ੍ਰਿਤਸਰ) ਵਿਖੇ ਆ ਗਏ। ਉੱਥੇ ਜਾ ਕੇ ਉਨ੍ਹਾਂ ਨੇ ਗੁਰੂ ਅਮਰਦਾਸ ਜੀ ਦੇ ਸਮੇਂ ਸ਼ੁਰੂ ਕੀਤੀ ਗਈ ਸੰਤੋਖਸਰ ਦੀ ਸੇਵਾ ਆਰੰਭ ਕੀਤੀ।
ਉਸ ਤੋਂ ਬਾਅਦ ਸੰਨ 1577 ਵਿੱਚ ਗੁਰੂ ਰਾਮਦਾਸ ਜੀ ਨੇ ਦੁਖਭੰਜਨੀ ਬੇਰੀ ਵਾਲੀ ਥਾਂ ਸਰੋਵਰ ਦੀ ਖੁਦਾਈ ਆਰੰਭ ਕੀਤੀ। ਅਤੇ ਅੰਮ੍ਰਿਤਸਰ ਨਗਰ ਦੀ ਸਥਾਪਨਾ ਕੀਤੀ।