ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ (Guru Ram Das Ji) ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ। ਜਿਸ ਦੌਰਾਨ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੱਡੀ ਗਿਣਤੀ 'ਚ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।
ਦੱਸ ਦਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ ਤੋਂ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ’ਚ ਇਸਨਾਨ ਵੀ ਕੀਤਾ। ਨਾਲ ਹੀ ਸ਼ਰਧਾਲੂਆਂ ਨੇ ਗੁਰਬਾਣੀ ਦਾ ਆਨੰਦ ਮਾਣਿਆ।
ਉਥੇ ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਵੱਖ -ਵੱਖ ਹਥਿਆਰਾਂ, ਕੀਮਤੀ ਗਹਿਣਿਆਂ ਅਤੇ ਗੁਰੂ ਸਾਹਿਬ ਨਾਲ ਸਬੰਧਤ ਹੋਰ ਸ਼ਿੰਗਾਰ ਕੀਤੇ ਗਏ ਸਨ। ਇਹ ਜਲੌਹ ਸਾਹਿਬ ਸਿਰਫ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ, ਦੀਵਾਲੀ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ’ਤੇ ਸਜਾਏ ਜਾਂਦੇ ਹਨ। ਇਸ ਦੌਰਾਨ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਏ ਸਨ, ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝ ਰਹੇ ਹਨ, ਉਹ ਅਜਿਹੇ ਕੀਮਤੀ ਜਲੌਹ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ ਹਨ।
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਸਾਹਿਬ ਦੇ ਬਾਨੀ, ਸਿੱਖੀ ਦੇ ਪ੍ਰਚਾਰ ਨੂੰ ਘਰ ਘਰ ਪਹੁੰਚਾਉਣ ਵਾਲੇ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਗੁਰੂ ਮਹਾਰਾਜ ਸਾਡੇ ਸਾਰਿਆਂ ‘ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਤੇ ਸਾਡਾ ਮਾਰਗ-ਦਰਸ਼ਨ ਕਰਦੇ ਰਹਿਣ।
ਇਹ ਵੀ ਪੜੋ: ਪ੍ਰਕਾਸ਼ ਪੁਰਬ ਗੁਰੂ ਰਾਮਦਾਸ ਜੀ: ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਮਨਮੋਹਕ ਸਜਾਵਟ ਦੇ ਦ੍ਰਿਸ਼
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦਾ ਟਵੀਟ ਕਰ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਸਤਿਗੁਰੂ ਜੀ ਸਾਰਿਆਂ ਉੱਤੇ ਆਪਣੀ ਮਿਹਰ ਬਖਸ਼ਿਸ਼ ਕਰਨ।