ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾਇਆ ਗਿਆ ਹੈ ਅਤੇ ਪਟਿਆਲਾ ਵਿਖੇ ਹੋਏ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਪ੍ਰਧਾਨ ਲਾਇਆ ਗਿਆ ਹੈ।
ਪ੍ਰਧਾਨ ਬਣਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਆਪਣੇ ਪੁੱਤਰ ਅਤੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਢੀਂਡਸਾ ਨੇ ਕਿਹਾ ਕਿ 2016 ਵਿੱਚ ਅੰਮ੍ਰਿਤਸਰ ਵਿਖੇ ਅਗਨ ਭੇਂਟ ਹੋਏ ਸਰੂਪਾਂ ਦਾ ਚੁੱਪ ਚਪੀਤੇ ਸਸਕਾਰ ਕਰਨਾ ਮੰਦਭਾਗਾ ਹੈ ਅਤੇ ਉਨ੍ਹਾਂ ਸਰੂਪਾਂ ਲਈ ਸ਼੍ਰੋਮਣੀ ਕਮੇਟੀ ਲਈ ਪਛਤਾਵਾ ਨਾ ਕਰਨਾ ਨਿੰਦਣਯੋਗ ਹੈ।
ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਸਵਾਲ ਦੇ ਜਵਾਬ ਵਿਚ ਢੀਂਡਸਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਚਾਹੇ ਬਾਦਲ ਪਰਿਵਾਰ ਜਾਂ ਕੋਈ ਵੀ ਵੱਡਾ ਬੰਦਾ ਦੋਸ਼ੀ ਹੋਵੇ, ਉਸ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਮਿਲਣਗੇ।
ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਇਹ ਗੱਲ ਨਹੀਂ ਸੋਚੀ ਕਿ ਉਨ੍ਹਾਂ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ, ਅਜੇ ਤਾਂ ਪਾਰਟੀ ਦਾ ਨਵਾਂ ਢਾਂਚਾ ਤਿਆਰ ਹੋਵੇਗਾ, ਉਸ ਤੋਂ ਬਾਅਦ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਸਲਾਹ ਕਰਕੇ ਹੀ ਅਗਲਾ ਫ਼ੈਸਲਾ ਕੀਤਾ ਜਾਵੇਗਾ।
ਟਕਸਾਲੀ ਦਲ ਨਾਲੋਂ ਵਿਛੋੜਾ ਕਰਨ ਦੇ ਸਵਾਲ ਦੇ ਜਵਾਬ ਵਿੱਚ ਢੀਂਡਸਾ ਨੇ ਕਿਹਾ ਕਿ ਭਾਵੇਂ ਕਿ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਹਾ ਗਿਆ ਸੀ ਪਰ ਜਦੋਂ ਉਨ੍ਹਾਂ ਨੇ ਪਾਰਟੀ ਦੇ ਵਰਕਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਟਕਸਾਲੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿਚ ਇਹ ਵੀ ਕਿਹਾ ਕਿ ਉਹ ਨਵੀਂ ਪਾਰਟੀ ਲੇਟ ਬਣਾਉਣ ਅਤੇ ਅਕਾਲੀ ਦਲ ਵਿੱਚ ਰਹਿੰਦਿਆਂ ਹੋਇਆਂ ਅਨੇਕਾਂ ਗ਼ਲਤ ਕੰਮਾਂ ਲਈ ਕੌਮ ਤੋਂ ਮਾਫੀ ਮੰਗਦੇ ਹਨ। ਉਨ੍ਹਾਂ ਨੂੰ ਜਦੋਂ ਪੁੱਛਿਆ ਕਿ ਲੋਕ ਉਨ੍ਹਾਂ 'ਤੇ ਵਿਸ਼ਵਾਸ ਕਰਨਗੇ ? ਤਾਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਦਾ ਵਿਸ਼ਵਾਸ ਪ੍ਰਾਪਤ ਕਰਕੇ ਹੀ ਅੱਗੇ ਵਧੇ ਹਨ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਕੇਂਦਰ ਨੂੰ ਚੋਣਾਂ ਕਰਵਾਉਣ ਬਾਰੇ ਕਹਿਣਗੇ।