ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸਮੂਹ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ।
ਜਿਸ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਸੁਖਦੇਵ ਸਿੰਘ ਭੂਰਾ ਕੋਨਾ ਨੇ ਪ੍ਰੋਗਰਾਮ ਦਾ ਬਿਊਰਾ ਦਿੱਤਾ, ਜਿਸ ‘ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਪੰਜਾਬ ਸਰਕਾਰ ਤਰਫੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕਰਦੇ ਹੋਏ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਇਸ ਪੁਰਬ ਮੌਕੇ ਦਰਸ਼ਨ ਕਰਨ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਅਤੇ ਕੋਵਿਡ ਮਹਾਂਮਾਰੀ ਦੇ ਚੱਲਦੇ ਸਮੂਹ ਯਾਤਰੀ ਸੁਰੱਖਿਅਤ ਯਾਤਰਾ ਕਰਨ।
ਇਸ ਮੌਕੇ ਸੰਗਤ ਲਈ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਲਈ ਡੀਸੀ ਅੰਮ੍ਰਿਤਸਰ ਵਲੋਂ ਪੁਲਿਸ ਪ੍ਰਸ਼ਾਸ਼ਨ ਨੂੰ ਵਿਸ਼ੇਸ਼ ਹਦਾਇਤ ਕੀਤੀ ਗਈ। ਖਹਿਰਾ ਨੇ ਮੀਟਿੰਗ ਵਿੱਚ ਹਾਜ਼ਰ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਐਸ ਡੀ ਐਮ ਮੇਜਰ ਸੁਮਿਤ ਮੁੱਧ ਕੋਲੋਂ ਉਥੋਂ ਦੀਆਂ ਤਿਆਰੀਆਂ ਦਾ ਵੇਰਵਾ ਲਿਆ ਅਤੇ ਹਦਾਇਤ ਕੀਤੀ ਕਿ ਅੰਮ੍ਰਿਤਸਰ ਦੇ ਨਾਲ ਨਾਲ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਵੀ ਸੰਗਤ ਦੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਬੰਧ ਕੀਤੇ ਜਾਣ, ਕਿਉਂਕਿ ਗੁਰੂ ਸਾਹਿਬ ਨੇ ਲੰਬਾ ਸਮਾਂ ਉਥੇ ਬਤੀਤ ਕੀਤਾ ਹੋਣ ਕਾਰਣ ਸੰਗਤ ਉਥੇ ਵੀ ਵੱਡੀ ਗਿਣਤੀ ਵਿੱਚ ਜਾਵੇਗੀ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਰਪੋਰੇਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਸਾਂਝੇ ਕਰਦੇ ਕਿਹਾ ਕਿ ਅਸੀਂ ਸ਼ਹਿਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਸਵਾਗਤ ਲਈ ਹਰ ਤਰ੍ਹਾਂ ਤਿਆਰ ਹਾਂ ਅਤੇ ਇਸ ਲਈ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਆਉਣ ਵਾਲੇ ਸਾਰੇ ਰਸਤਿਆਂ ਨੂੰ ਸੰਵਾਰਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵੀਕਐਂਡ ਲੌਕਡਾਊਨ ਕਾਰਨ ਚੰਡੀਗੜ੍ਹ ਦੇ ਸੈਰ-ਸਪਾਟੇ ਵਾਲੀਆਂ ਥਾਵਾਂ 'ਤੇ ਪਿਆ ਸੰਨਾਟਾ
ਇਸ ਮੌਕੇ ਐੱਸਜੀਪੀਸੀ ਮੈਂਬਰ ਸੁਖਦੇਵ ਸਿੰਘ ਭੂਰਾ ਕੋਨਾ ਨੇ ਜਿਲਾ ਪ੍ਸ਼ਾਸਨ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦੇ ਕੁੱਝ ਜਰੂਰੀ ਨੁਕਤੇ ਵੀ ਡਿਪਟੀ ਕਮਿਸ਼ਨਰ ਨਾਲ ਸਾਂਝੇ ਕੀਤੇ।