ਅੰਮ੍ਰਿਤਸਰ: 2024 ਦੀਆਂ ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰੇਕ ਰਾਜਨੀਤਕ ਪਾਰਟੀ ਵੱਲੋਂ ਆਪਣੇ ਨੇਤਾਵਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਵੀ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਦੇ ਵਰਕਰਾਂ ਅਤੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਨਗਰ ਨਿਗਮ ਚੋਣਾਂ ਸਬੰਧੀ ਰਣਨੀਤੀ ਤਿਆਰ ਕੀਤੀ ਗਈ।
ਪੰਜਾਬ ਭਾਜਪਾ ਪ੍ਰਧਾਨ ਦਾ ਸੂਬਾ ਸਰਕਾਰ 'ਤੇ ਵਾਰ, ਕਿਹਾ-ਪੰਜਾਬ 'ਚ ਸਰਕਾਰ ਨਹੀਂ ਗੈਂਗਸਟਰਾਂ ਦਾ ਰਾਜ - 2024 ਦੀਆਂ ਲੋਕ ਸਭਾ ਚੋਣਾਂ
ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਨਾਲ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਸੂਬੇ ਵਿੱਚ ਗੈਂਗਸਟਰ ਰਾਜ ਕਰ ਰਹੇ ਹਨ।
ਮੋਦੀ ਸਰਕਾਰ ਦੇ ਕੰਮਾਂ ਦਾ ਉਲੇਖ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਭਾਜਪਾ ਦੀ ਵਰਕਿੰਗ ਕਮੇਟੀ ਮੀਟਿੰਗ ਹੋਈ ਹੈ ਅਤੇ ਇਸ ਮੀਟਿੰਗ ਵਿੱਚ ਪਾਰਟੀ ਦੇ ਤਿੰਨ ਮਹੀਨਿਆਂ ਦੇ ਕੰਮਾਂ ਬਾਰੇ ਅਤੇ ਸਟੇਟ ਦੇ ਕੰਮਾਂ ਬਾਰੇ ਵਿਚਾਰ ਕੀਤੀ ਗਈ। ਇਸ ਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਵਿੱਚ ਮੋਦੀ ਸਰਕਾਰ ਬਣੀ ਹੈ, 9 ਸਾਲਾਂ ਵਿੱਚ ਮੋਦੀ ਸਰਕਾਰ ਨੇ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਕੰਮਾਂ ਬਾਰੇ ਦੇਸ਼ ਵਾਸੀਆਂ ਨੂੰ ਦੱਸਣ ਲਈ ਭਾਜਪਾ ਵੱਲੋਂ 30 ਮਈ ਤੋਂ ਲੈ ਕੇ 30 ਜੂਨ ਤੱਕ ਇੱਕ ਅਭਿਆਨ ਸ਼ੁਰੂ ਕੀਤਾ ਜਾ ਰਿਹਾ, ਜਿਸ ਵਿੱਚ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ ਜਾਵੇਗਾ ਅਤੇ ਉਸੇ ਅਭਿਆਨ ਦੀ ਸ਼ੁਰੂਆਤ ਦੇ ਲਈ ਅੱਜ ਉਹ ਵਰਕਰਾਂ ਕੋਲ ਪਹੁੰਚੇ ਹਨ।
ਸੂਬੇ ਵਿੱਚ ਨਹੀਂ ਸਰਕਾਰ ਦਾ ਰਾਜ:ਉਨ੍ਹਾਂ ਕਿਹਾ ਕਿ ਭਾਜਪਾ ਹਰ ਸਮੇਂ ਕਾਰਪੋਰੇਸ਼ਨ ਅਤੇ ਚੋਣਾਂ ਲਈ ਤਿਆਰ-ਬਰ-ਤਿਆਰ ਖੜ੍ਹੀ ਹੈ ਪਰ ਚੋਣਾਂ ਵਿੱਚ ਦੇਰੀ ਕਰਵਾ ਕੇ ਪੰਜਾਬ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਪਹੁੰਚੇ ਹੁੰਦੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਹੀਂ ਬਲਕਿ ਗੈਂਗਸਟਰਾਂ ਦੀ ਸਰਕਾਰ ਹੋਵੇ, ਕਿਉਂਕਿ ਜਿਸ ਤਰੀਕੇ ਨਾਲ ਆਏ ਦਿਨ ਹੀ ਗੈਂਗਵਾਰ ,ਲੁੱਟ-ਖੋਹ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਇਸ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਾ ਹੋਵੇ। ਦਿੱਲੀ ਜੰਤਰ-ਮੰਤਰ ਧਰਨੇ ਉੱਤੇ ਆਪਣੇ ਹੱਕ ਲਈ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਧਰਨੇ ਬਾਰੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰ ਰਿਹਾ ਹੈ ਅਤੇ ਪ੍ਰਦਰਸ਼ਨ ਕਰਨਾ ਹਰ ਇੱਕ ਦਾ ਹੱਕ ਹੈ।