ਅੰਮ੍ਰਿਤਸਰ ਜਿਲ੍ਹੇ ਵਿੱਚ 13 ਪਿੰਡਾਂ ਨੇ ਨਸ਼ੇ ਖਿਲਾਫ ਪਾਏ ਮਤੇ
ਹੁਣ ਤੱਕ ਅੰਮ੍ਰਿਤਸਰ ਦਿਹਾਤੀ ਵਿੱਚ 32 ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਨਸ਼ਿਆਂ ਵਿਰੁੱਧ ਮੁਹਿੰਮ ਚ ਹਿੱਸਾ ਲਿਆ ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ (ਆਈਪੀਐਸ) ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਸਮੂਹ ਸਬ ਡਵੀਜਨਾਂ ਦੇ ਉਪ ਪੁਲਿਸ ਕਪਤਾਨਾਂ, ਥਾਣਿਆਂ ਦੇ ਐਸਐਚਓਜ਼ ਨੂੰ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੰਦਿਆਂ ਪਿੰਡ ਪਿੰਡ ਪੰਚਾਇਤਾਂ ਨਾਲ ਮੀਟਿੰਗਾਂ ਕਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਤੇਜ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਇਸੇ ਤਹਿਤ ਪੁਲਿਸ ਵਲੋਂ ਹੁਣ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੱਧ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ :ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਨੇ ਕਿਹਾ ਕਿ ਉਹ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਾ ਕਰਨ ਅਤੇ ਵੇਚਣ ਵਾਲਿਆਂ ਵਿਰੁੱਧ ਮਤੇ ਪਾਸ ਕਰਨ ਲਈ ਪ੍ਰੇਰਿਤ ਕਰ ਰਹੇ ਹਾਂ ਅਤੇ ਇਨ੍ਹਾਂ ਯਤਨਾ ਸਦਕਾ ਅੱਜ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਪਿੰਡ ਰਾਣਾ ਕਲਾਂ, ਵਡਾਲਾ ਜੌਹਲ, ਬੰਮਾ, ਦੇਵੀਦਾਸਪੁਰਾ, ਠੱਠੀਆਂ, ਮੱਖਣਵਿੰਡੀ, ਧੀਰੇਕੋਟ, ਚੌਗਾਵਾਂ, ਬੱਚੀਵਿੰਡ, ਚੂਚਕਵਾਲ, ਗੁੱਜਰਪੁਰਾ, ਭੰਗਾਲੀ ਕਲਾਂ ਆਦਿ ਪਿੰਡਾਂ ਦੀਆਂ ਪੰਚਾਇਤਾਂ ਵੱਲੋ ਨਸ਼ਾ ਕਰਨ ਅਤੇ ਵੇਚਣ ਵਾਲਿਆਂ ਵਿਰੁੱਧ ਮਤੇ ਪਾਸ ਕੀਤੇ ਗਏ ਹਨ।