ਅੰਮ੍ਰਿਤਸਰ: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪਿਛਲੇ ਲੰਮੇਂ ਸਮੇਂ ਤੋਂ ਪੰਜਾਬ ਵਿੱਚ ਵਾਰ-ਵਾਰ ਉੱਠਦਾ ਹੈ ਅਤੇ ਹੁਣ ਇਸ ਮੁੱਦੇ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ ਵਿੱਚ ਹੋਈ। ਇਸ ਮੀਟਿੰਗ ਵਿੱਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (All India Sikh Student Federation) ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਰਾਸ਼ਟਰਪਤੀ ਨੂੰ ਮੰਗ ਪੱਤਰ:ਐੱਸਜੀਪੀਸੀ ਪ੍ਰਧਾਨ ਨੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਹੁਕਮ ਮੁਤਬਿਕ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਵੱਡੇ ਪੱਧਰ ਉੱਤੇ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ 20 ਦਸੰਬਰ ਨੂੰ ਦਿੱਲੀ ਦੇ ਇਤਿਹਾਸਕ ਗੁਰੂਘਰ ਸ੍ਰੀ ਰਕਾਬਗੰਜ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ,ਆਲ ਇੰਡੀਆ ਸਿੱਖ ਫੈਡਰੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਪਹੁੰਚਣਗੇ। ਇਸ ਤੋਂ ਬਾਅਦ ਸਾਰੀ ਸੰਗਤ ਨੂੰ ਨਾਲ ਲੈਕੇ ਸਿੱਖ ਆਗੂ ਬੰਦੀ ਸਿੰਘਾਂ ਦੀ ਰਿਹਾਈ ਲਈ ਹਸਤਾਖਰ ਕਰਵਾ ਕੇ ਚਲਾਈ ਗਈ ਮੁਹਿੰਮ ਤਹਿਤ ਭਰਵਾਏ ਗਏ 26 ਲੱਖ ਫਾਰਮ ਲੈਕੇ ਰਾਸ਼ਟਰਪਤੀ ਕੋਲ ਜਾਣਗੇ।