ਅੰਮ੍ਰਿਤਸਰ :ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੰਮ੍ਰਿਤਸਰ ਵਿੱਚ ਖੇਤਾਂ ਵਿੱਚ ਜਾ ਕੇ ਕਿਸਾਨਾਂ ਦੀਆਂ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਹੈ। ਇਸ ਮੌਕੇ ਉਨ੍ਹਾਂ ਵਲੋਂ ਇਕ ਹਫਤੇ ਅੰਦਰ ਗਿਰਦਾਵਰੀ ਕਰਕੇ ਰਿਪੋਰਟ ਕਰਨ ਦੇ ਵੀ ਹੁਕਮ ਦਿੱਤੇ ਹਨ। ਦੂਜੇ ਪਾਸੇ ਉਨ੍ਹਾਂ ਕਿਸਾਨਾਂ ਨੂੰ ਆਈ ਇਸ ਸਮੱਸਿਆ ਦਾ ਹੱਲ ਕਰਨ ਦਾ ਵੀ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਿਕ ਬੀਤੇ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਣ ਫਸਲਾਂ, ਬਾਗਾਂ ਅਤੇ ਘਰਾਂ ਦੇ ਵਿੱਚ ਭਾਰੀ ਮਾਲੀ ਨੁਕਸਾਨ ਹੋਣ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰਾਂ ਬੀਤੇ ਦਿਨਾਂ ਤੋਂ ਲਗਾਤਾਰ ਪੈ ਰਹੀ ਤੇਜ ਬਾਰਿਸ਼ ਕਾਰਣ ਵੀ ਮਾਝੇ ਦੇ ਵੱਖ ਵੱਖ ਖੇਤਰਾਂ ਵਿੱਚ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤੋਂ ਬਾਅਦ ਕਿਸਾਨਾਂ ਵਲੋਂ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ।
ਕਿਸਾਨਾਂ ਦੇ ਖੇਤਾਂ ਦਾ ਲਿਆ ਜਾਇਜਾ :ਇਸੇ ਮੰਗ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਖੇਤਾਂ ਵਿੱਚ ਜਾ ਕੇ ਮਿਲੇ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਬੇਮੌਸਮ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਪੈਸ਼ਲ ਗਿਰਦਾਵਰੀ ਹਫ਼ਤੇ ਦੇ ਅੰਦਰ ਅੰਦਰ ਕਰਕੇ ਰਿਪੋਰਟ ਦੇਣ ਲਈ ਨਿਰਦੇਸ਼ ਦੇ ਦਿੱਤੇ ਹਨ।