ਅੰਮ੍ਰਿਤਸਰ : ਪਿਛਲੇ ਕੁਝ ਹਫਤੇ ਪਹਿਲਾਂ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਤੇ ਸੋਸ਼ਲ ਮੀਡੀਆ ਉਤੇ ਅੰਮ੍ਰਿਤਪਾਲ ਸਿੰਘ ਦੀ ਨਿੰਦਾ ਕੀਤੀ ਜਾ ਰਹੀ ਸੀ ਕੀ ਧਰਨੇ ਵਾਲੀ ਥਾਂ ਉਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਲੈ ਕੇ ਜਾਣਾ ਮੰਦਭਾਗਾ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਸ ਕਮੇਟੀ ਵੱਲੋਂ ਇਹ ਫੈਸਲਾ ਦਿੱਤਾ ਜਾਣਾ ਸੀ ਕਿ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਉਤੇ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਜਾਣਾ ਠੀਕ ਹੈ ਜਾਂ ਗਲਤ।
6 ਮਾਰਚ ਨੂੰ 16 ਮੈਂਬਕੀ ਕਮੇਟੀ ਦੀ ਹੋਈ ਸੀ ਮੀਟਿੰਗ :ਇਸ ਦੀ ਰਿਪੋਰਟ ਅੱਜ 16 ਮੈਂਬਰੀ ਕਮੇਟੀ ਦੇ ਕੁਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੇ 16 ਮੈਂਬਰਾਂ ਦੀ ਕਮੇਟੀ ਦੀ ਮੀਟਿੰਗ ਹੋਈ ਸੀ। ਕਮੇਟੀ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ ਅਤੇ ਹਰੇਕ ਮੈਂਬਰ ਵੱਲੋਂ ਆਪਣੇ ਵਿਚਾਰ ਲਿਖਤੀ ਰੂਪ ਵਿੱਚ ਰਜਿਸਟਰ ਵਿੱਚ ਦਿੱਤੇ ਗਏ ਸਨ।