ਘਟਨਾ ਸਬੰਧੀ ਜਾਣਕਾਰੀ ਦੀ ਮਾਂ ਅਤੇ ਪੁਲਿਸ ਅੰਮ੍ਰਿਤਸਰ:ਇੱਕ ਪਾਸੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਤਾਂ ਦੂਜੇ ਪਾਸੇ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਕਈ ਸਵਾਲ ਖੜੇ ਕਰਦੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿਥੇ ਦੇਰ ਰਾਤ ਬਦਮਮਾਸ਼ਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਵੀ ਹੋਇਆ ਹੈ। (Amritsar Crime News)
ਘਰ 'ਚ ਵੜ ਕੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ:ਅੰਮ੍ਰਿਤਸਰ ਵਿੱਚ ਆਏ ਦਿਨ ਹੋ ਰਹੀਆਂ ਵਾਰਦਾਤਾਂ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਹੀ ਲੁੱਟ ਖੋਹ ਅਤੇ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇੱਕ ਵਾਰ ਫਿਰ ਤੋਂ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਸਦਰ ਦੇ ਅਧੀਨ ਆਉਂਦੇ ਜਗਦੰਬਾ ਕਲੋਨੀ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬੇਖੌਫ਼ ਦੋ ਨੌਜਵਾਨਾਂ ਵਲੋਂ ਘਰ ਦੇ ਵਿੱਚ ਦਾਖਲ ਹੋ ਕੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਜਿਸ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਤੇ ਉਸ ਵੀਡੀਓ 'ਚ ਬਦਮਾਸ਼ ਸਾਫ਼ ਦਿਖਾਈ ਦੇ ਰਹੇ ਹਨ।
ਮਾਂ ਨੇ ਲਾਈ ਇਨਸਾਫ਼ ਦੀ ਗੁਹਾਰ:ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਸਦੇ ਪੁੱਤਰ ਦਾ ਨਾਮ ਵਿਕਰਮ ਸ਼ਰਮਾ ਉਰਫ ਬੱਬੂ ਹੈ। ਮਾਂ ਨੇ ਦੱਸਿਆ ਕਿ ਪੁੱਤ ਰੋਜ਼ ਦੀ ਤਰ੍ਹਾਂ ਆਪਣੇ ਕੰਮ ਤੋਂ ਜਦੋਂ ਘਰ ਵਾਪਸ ਆਇਆ ਤਾਂ ਕੁਝ ਨੌਜਵਾਨ ਗਲੀ 'ਚ ਆਏ ਅਤੇ ਉਨ੍ਹਾਂ ਵੱਲੋਂ ਉਸਦੇ ਪੁੱਤਰ ਨੂੰ ਗੋਲੀਆਂ ਮਾਰ ਦਿੱਤੀਆਂ ਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਜ਼ਖ਼ਮੀ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕਿਸੇ ਵੀ ਤਰੀਕੇ ਦੀ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾਲ ਹੀ ਉਹਨਾਂ ਨੇ ਪੁਲਿਸ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦੱਸਿਆ ਕਿ ਬਦਮਾਸ਼ਾਂ ਵਲੋਂ ਤਿੰਨ ਗੋਲੀਆਂ ਉਸ ਦੇ ਪੁੱਤ 'ਤੇ ਚਲਾਈਆਂ ਗਈਆਂ ਹਨ।
ਜਾਂਚ 'ਚ ਪੁਲਿਸ ਨੂੰ ਤਿੰਨ ਖੋਲ ਹੋਏ ਬਰਾਮਦ:ਦੂਜੇ ਪਾਸੇ ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜਗਦੰਬਾ ਕਲੋਨੀ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਮੌਕੇ 'ਤੇ ਪੁਲਿਸ ਵੱਲੋਂ ਪਹੁੰਚ ਕੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾਂ ਰਹੇ ਹਨ। ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਗੋਲੀ ਦੇ ਤਿੰਨ ਖੋਲ ਵੀ ਬਰਾਮਦ ਹੋਏ ਹਨ ਅਤੇ ਇੱਕ ਗੋਲੀ ਵਿਕਰਮ ਸ਼ਰਮਾ ਉਰਫ ਬੱਬੂ ਦੀ ਲੱਤ ਵਿੱਚ ਲੱਗੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਉਸ ਨੂੰ ਨਜ਼ਦੀਕੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਾਨੂੰਨ ਦੇ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।