ਅੰਮ੍ਰਿਤਸਰ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦਾ ਸਿਆਸੀ ਅਖਾੜਾ ਭਖਦਾ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੂਬੇ ਵਿੱਚ ਸਰਗਰਮ ਵਿਖਾਈ ਦੇ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੀਆਂ ਫੇਰੀਆਂ ਲਗਾ ਰਹੇ ਹਨ। ਇੱਕ ਵਾਰ ਫੇਰ ਕੇਜਰੀਵਾਲ ਪੰਜਾਬ ਦੇ ਦੋ ਦਿਨ ਦੇ ਦੌਰੇ ’ਤੇ ਆਏ ਹਨ ਅਤੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ਮੌਕੇੇ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ ਹੈ।
ਕੇਜਰੀਵਾਲ ਦਾ ਚੰਨੀ ਸਰਕਾਰ ’ਤੇ ਵੱਡਾ ਹਮਲਾ ਇਸ ਮੌਕੇ ਕੇਜਰੀਵਾਲ ਨੇ ਲੁਧਿਆਣਾ ਬਲਾਸਟ ਘਟਨਾ ਉੱਪਰ ਦੁੱਖ ਜਤਾਇਆ ਹੈ। ਇਸ ਦੌਰਾਨ ਉਨ੍ਹਾਂ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲਈ ਅਰਦਾਸ ਕੀਤੀ ਅਤੇ ਨਾਲ ਹੀ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਕੇਜਰੀਵਾਲ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਲੁਧਿਆਣਾ ਬੰਬ ਬਲਾਸਟ ਤੋਂ ਪਹਿਲਾਂ ਸ੍ਰੀ ਹਰਮੰਦਿਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਕੁਝ ਦਿਨ ਬਾਅਦ ਹੀ ਬੰਬ ਬਲਾਸਟ ਦੀ ਘਟਨਾ ਵਾਪਰੀ ਹੈ। ਕੇਜਰੀਵਾਲ ਨੇ ਕਿਹਾ ਕਿ ਇੰਨ੍ਹਾਂ ਹੋ ਰਹੀਆਂ ਘਟਨਾਵਾਂ ਨੂੰ ਲੈਕੇ ਸੂਬੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦਾ ਕਹਿਣੈ ਕਿ ਚੋਣਾਂ ਕਾਰਨ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਦੇ ਪੰਜਾਬ ਦੀ ਅਮਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੇ ਇਰਾਦੇ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਇਸ ਕਰਕੇ ਸੁਚੇਤ ਰਹਿਣ। ਇਸਦੇ ਨਾਲ ਹੀ ਕੇਜਰੀਵਾਲ ਵੱਲੋਂ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕਰ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।
ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕਾਂ ਦੇ ਇਰਾਦੇ ਨਾਪਾਕ ਹਨ ਅਤੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕੇਜਰੀਵਾਲ ਨੇ ਚੰਨੀ ਸਰਕਾਰ ਖਿਲਾਫ਼ ਭੜਾਸ ਕੱਢਦੇ ਕਿਹਾ ਕਿ ਸੂਬਾ ਸਰਕਾਰ ਕਮਜ਼ੋਰ ਹੈ ਅਤੇ ਸਰਕਾਰ ਪੰਜਾਬ ਨੂੰ ਸੰਭਾਲਣ ਦੇ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਹੀ ਕਲੇਸ਼ ਵਿੱਚ ਉਲਝੀ ਹੋਈ ਹੈ ਅਤੇ ਉਨ੍ਹਾਂ ਕੋਲ ਪੰਜਾਬ ਨੂੰ ਸੰਭਾਲਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਬਹੁਤ ਮਜ਼ਬੂਤ ਸਰਕਾਰ ਚਾਹੀਦੀ ਹੈ ਜੋ ਇੰਨ੍ਹਾਂ ਸਾਜਿਸ਼ਕਰਤਾਵਾਂ ਦੇ ਉੱਤੇ ਆਪਣਾ ਸ਼ਿਕੰਜਾ ਕੱਸ ਸਕੇ।
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੋ ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੰਦਭਾਗੀ ਘਟਨਾ ਵਾਪਰੀ ਉਹ ਵੀ ਸੋਚਣ ਦਾ ਵਿਸ਼ਾ ਹੈ ਕਿ ਅਜੇ ਤੱਕ ਉਸ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ ਅਤੇ ਉਹ ਕਿਸ ਮਨਸੂਬੇ ਨਾਲ ਆਇਆ ਸੀ ਇਸ ਦੇ ਪਿੱਛੇ ਦੇ ਸਾਜ਼ਿਸ਼ਕਰਤਾ ਕੌਣ ਹਨ ਉਨ੍ਹਾਂ ਤੱਕ ਪਹੁੰਚਣ ਦੀ ਵੀ ਜ਼ਰੂਰਤ ਹੈ।
ਇਸ ਦੇ ਨਾਲ ਉਨ੍ਹਾਂ ਨੇ ਕਿਹਾ ਜੋ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਉਸ ’ਤੇ ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪੰਜ ਸਾਲਾਂ ਵਿੱਚ ਇਕ ਵਿਅਕਤੀ ’ਤੇ ਮਾਮਲਾ ਦਰਜ ਕਰਨ ਨਾਲ ਕੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋ ਗਿਆ ਇਸ ਦਾ ਜਵਾਬ ਚੰਨੀ ਸਰਕਾਰ ਜ਼ਰੂਰ ਦੇਵੇ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਦੇ ਦਸ ਦਿਨ ਪਹਿਲਾਂ ਕਿਸੇ ਆਗੂ ਉੱਤੇ ਮਾਮਲਾ ਦਰਜ ਕਰਨ ਨਾਲ ਪੰਜਾਬ ’ਚੋਂ ਨਸ਼ਾ ਖਤਮ ਨਹੀਂ ਹੋ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਗੁਰਦਾਸਪੁਰ ਲਈ ਰਵਾਨਾ ਹੋ ਰਹੇ ਹਨ ਅਤੇ ਕੱਲ੍ਹ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ:Ludhiana Court Blast Update: ਧਮਾਕੇ ਦੀ ਜਾਂਚ ਲਈ ਪੰਜਾਬ ਪਹੁੰਚੇ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ