ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਲਈ ਖੁਦਾਈ ਸਮੇਂ ਨਿਕਲੀ ਇਮਾਰਤ ਬਾਰੇ ਪੁਰਾਤਤਵ ਵਿਭਾਗ ਵੱਲੋਂ ਆਪਣੀ ਰਿਪੋਰਟ ਦੇ ਦਿੱਤੀ ਗਈ ਹੈ, ਪਰ ਸ਼੍ਰੋਮਣੀ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਇਸ ਬਾਰੇ ਹੋਰ ਜਾਣਕਾਰੀ ਲਈ ਕਿਹਾ ਹੈ।
ਇਸ ਦੇ ਨਾਲ ਹੀ ਇਮਾਰਤ ਦੀ ਬਾਰੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਕਾਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੁਰਾਤਤਵ ਵਿਭਾਗ ਦੇ ਮਾਹਿਰਾਂ ਨੇ ਇਮਾਰਤ ਦੇ ਇਤਿਹਾਸਕ ਨਾ ਹੋ ਕੇ ਵਿਰਾਸਤੀ ਹੋਣ ਦਾ ਜ਼ਿਕਰ ਕੀਤਾ ਹੈ, ਪਰ ਫਿਰ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਰਾਹੀਂ ਟੂਰਿਜ਼ਮ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ, ਤਾਂ ਜੋ ਇਸ ਦੀ ਸਾਂਭ-ਸੰਭਾਲ ਬਾਰੇ ਸਹੀ ਕਦਮ ਉਠਾਇਆ ਜਾ ਸਕੇ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਗਲਿਆਰਾ ਯੋਜਨਾ ਸਮੇਂ ਬਹੁਤ ਸਾਰੀਆਂ ਅਜਿਹੀਆਂ ਹੀ ਇਮਾਰਤਾਂ ਹੇਠਾਂ ਦੱਬ ਦਿੱਤੀਆਂ ਗਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਗਲਿਆਰੇ ਦੀ ਮੌਜੂਦਾ ਸਥਿਤੀ ਵੀ ਬਹੁਤੀ ਚੰਗੀ ਨਹੀਂ ਹੈ ਅਤੇ ਸਾਂਭ-ਸੰਭਾਲ ਦੇ ਅਣਦੇਖੀ ਕਾਰਨ ਇਥੇ ਵੱਡੀ ਪੱਧਰ ’ਤੇ ਗੰਦਗੀ ਫੈਲ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗਲਿਆਰੇ ਦੀ ਦੇਖ ਭਾਲ ਕਰਨ ਲਈ ਤਿਆਰ ਹੈ ਅਤੇ ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਨੂੰ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਵਿਰਾਸਤੀ ਮਾਰਗ ਦੀ ਸਾਂਭ-ਸੰਭਾਲ ਦੀ ਜ਼ੁੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਚੁੱਕਣ ਨੂੰ ਤਿਆਰ ਹੈ ਅਤੇ ਇਸ ਬਾਰੇ ਵੀ ਕਾਰਵਾਈ ਅੱਗੇ ਤੋਰੀ ਜਾਵੇਗੀ।