ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਅੰਮ੍ਰਿਤਸਰ:ਦਸ਼ਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਸਿੱਖ ਸੰਗਤਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦਾਂ ਦਾ ਉਚਾਰਨ ਵੀ ਕੀਤਾ ਗਿਆ। ਨਗਰ ਕੀਰਤਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਅੰਦਰੂਨ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸਪੰਨ ਹੋਵੇਗਾ ਅਤੇ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਸੰਗਤਾਂ ਨੇ ਨਗਰ ਕੀਰਤਨ ਵਿੱਚ ਕੀਤੀ ਸ਼ਮੂਲੀਅਤ:ਉਥੇ ਹੀ, ਇਸ ਨਗਰ ਕੀਰਤਨ ਵਿੱਚ ਦੂਰ ਦੂਰਾਡਿਆਂ ਤੋਂ ਪਹੁੰਚੀ ਸੰਗਤਾਂ ਵੱਲੋਂ ਹਿੱਸਾ ਲੈ ਕੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਨਗਰ ਕੀਰਤਨ ਦੀ ਸੇਵਾ ਆਰੰਭ ਵੀ ਕੀਤੀ ਗਈ ਅਤੇ ਗੁਰੂ ਸਾਹਿਬ ਦੇ ਦਿਖਾਏ ਹੋਏ ਮਾਰਗ 'ਤੇ ਚੱਲਣ ਲਈ ਸਿੱਖ ਕੌਮ ਨੂੰ ਪ੍ਰੇਰਿਤ ਕੀਤਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸ਼੍ਰੀ ਆਕਾਲ ਤਖ਼ਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਜੀ ਦੀ ਉਸਤਤ ਵਿੱਚ ਗੁਰੂ ਜਸ ਗਾਇਨ ਕੀਤਾ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚੌਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਸਾਹਿਬ ਵਿਖੇ ਸੰਪੂਰਨ ਹੋਇਆ।
ਸ਼ਾਮ ਨੂੰ ਆਤਿਸ਼ਬਾਜ਼ੀ: ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਪਟਨਾ ਸਾਹਿਬ 'ਤੇ ਵੀ ਇੱਕ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਕੱਢਿਆ ਜਾ ਰਿਹਾ ਹੈ। ਉਥੇ ਹੀ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਦੇ ਉੱਤੇ ਵੀ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸੇ ਲੜੀ ਦੇ ਤਹਿਤ ਅੱਜ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇੱਕ ਸੁੰਦਰ ਅਲੌਕਿਕ ਕੀਰਤਨ ਸਜਾਇਆ ਗਿਆ ਅਤੇ ਦੇਰ ਰਾਤ ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜੀ ਵੀ ਸੰਗਤਾਂ ਲਈ ਚਲਾਈ ਜਾਵੇਗੀ।