ਅੰਮ੍ਰਿਤਸਰ: ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਹੁਣ ਆਪਣੇ ਹਲਕੇ ਦੇ ਕੌਂਸਲਰਾਂ ਨਾਲ ਮੀਟਿੰਗਾਂ ਕਰ ਕਰ ਰਹੇ ਹਨ। ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਦੇ ਪੂਰਬੀ ਹਲਕੇ ਦੇ ਕੌਂਸਲਰਾ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਉਨ੍ਹਾਂ ਆਪਣੇ ਘਰ ਬੁਲਾਈ। ਨਵਜੋਤ ਸਿੰਘ ਸਿੱਧੂ ਤਿੰਨ ਦਿਨਾਂ ਤੱਕ ਸਾਰੇ ਹੀ ਕੌਂਸਲਰਾਂ ਨਾਲ ਬੈਠਕ ਕਰ ਕੇ ਉਨ੍ਹਾਂ ਦੇ ਵਾਰਡਾਂ ਦੇ ਵਿਕਾਸ 'ਚ ਆ ਰਹੀਆਂ ਸਮੱਸਿਆਵਾਂ ਨੂੰ ਸੁਣਨਗੇ। ਇਸ ਤੋਂ ਬਾਅਦ ਖੁਦ ਨਵਜੋਤ ਸਿੰਘ ਖ਼ੁਦ ਅੰਮ੍ਰਿਤਸਰ ਦੇ ਵਾਰਡਾਂ ਦੇ ਦੌਰੇ 'ਤੇ ਨਿਕਲਣਗੇ।
ਅਸਤੀਫ਼ੇ ਤੋਂ ਬਾਅਦ ਨਵਜੋਤ ਸਿੱਧੂ ਨੇ ਹਲਕੇ ਦੇ ਕੌਂਸਲਰਾਂ ਨਾਲ ਕੀਤੀ ਮੀਟਿੰਗ - navjot sidhu meets councillors
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਆਪਣੇ ਹਲਕੇ 'ਚ ਪਰਤ ਆਏ ਹਨ। ਮੰਗਲਵਾਰ ਨੂੰ ਆਪਣੀ ਰਿਹਾਇਸ਼ 'ਤੇ ਕੌਂਸਲਰਾਂ ਦੀ ਸੱਦੀ ਮੀਟਿੰਗ 'ਚ ਉਨ੍ਹਾਂ ਸਾਰੇ ਕੌਂਸਲਰਾਂ ਨੂੰ ਆਪਣੇ-ਆਪਣੇ ਵਾਰਡਾਂ 'ਚ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੀ ਹਿਦਾਇਤ ਦਿੱਤੀ।
ਹਾਲਾਂਕਿ, ਇਸ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਖ਼ੁਦ ਮੀਡੀਆ ਦੇ ਰੂਬਰੂ ਨਹੀਂ ਹੋਏ। ਇਸ ਮੀਟਿੰਗ ਤੋਂ ਬਾਅਦ ਕੌਂਸਲਰਾਂ ਨੇ ਦੱਸਿਆ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਰੇ ਹੀ ਕੌਂਸਲਰਾਂ ਨੂੰ ਇਹ ਹਿਦਾਇਤ ਦਿੱਤੀ ਹੈ ਕਿ ਉਹ ਆਪਣੇ-ਆਪਣੇ ਵਾਰਡਾਂ ਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਗੁਰੂ ਦੀ ਨਗਰੀ ਅੰਮ੍ਰਿਤਸਰ 'ਚ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਪੂਰਾ ਕਰਨਾ ਹੈ।
ਮੀਡੀਆ ਦੇ ਰੂਬਰੂ ਨਹੀਂ ਹੋਏ ਸਾਬਕਾ ਮੰਤਰੀ
ਬੇਸ਼ੱਕ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੀ ਰਿਹਾਇਸ਼ 'ਤੇ ਕੌਂਸਲਰਾਂ ਦੀ ਮੀਟਿੰਗ ਬੁਲਾਈ ਪਰ ਉਹ ਖ਼ੁਦ ਮੀਡੀਆ ਤੋਂ ਬੱਚਦੇ ਨਜ਼ਰ ਆਏ। ਨਵਜੋਤ ਸਿੰਘ ਸਿੱਧੂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਵੀ ਮੀਡੀਆ ਸਾਹਮਣੇ ਆ ਕੇ ਨਹੀਂ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ ਸੀ, ਜਿਸ ਤੋਂ ਬਾਅਦ ਪਾਰਟੀ 'ਚ ਉਨ੍ਹਾਂ ਦੇ ਅਹੁਦੇ ਨੂੰ ਲੈ ਕੇ ਸਾਰੀ ਕਿਆਸਕਾਰੀਆਂ ਖ਼ਤਮ ਹੋ ਗਈਆਂ ਹਨ।
ਸਰਕਾਰੀ ਘਰ ਵੀ ਕੀਤਾ ਖਾਲੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਸਰਕਾਰੀ ਘਰ ਵੀ ਖਾਲੀ ਕਰ ਦਿੱਤਾ ਹੈ। ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਹੁਣ ਆਪਣੇ ਹਲਕੇ ਦੇ ਵਿਕਾਸ ਕਾਰਜਾਂ 'ਚ ਜੁੱਟ ਗਏ ਹਨ।