ਅੰਮ੍ਰਿਤਸਰ:ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਨਵੇਂ ਪ੍ਰਧਾਨ ਨਿਯੁਕਤ ਹੋਏ ਹਨ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਰਦਾਸ ਕਰਕੇ ਇਹ ਚੋਣ ਸ਼ੁਰੂ ਕੀਤੀ ਸੀ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਜੰਦਰ ਸਿੰਘ ਧਾਮੀ ਅਤੇ ਵਿਰੋਧੀ ਧਿਰ ਵੱਲੋਂ ਮਾਸਟਰ ਮਿੱਠੂ ਸਿੰਘ ਦਾ ਨਾਮ ਪੇਸ਼ ਕੀਤਾ ਗਿਆ। ਵੋਟਾਂ ਰਾਹੀਂ ਚੋਣ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਗਿਆ। ਹਰਜਿੰਦਰ ਸਿੰਘ ਧਾਮੀ ਨੂੰ 122 ਤੇ ਵਿਰੋਧੀ ਧਿਰ ਦੇ ਮਾਸਟਰ ਮਿੱਠੂ ਸਿੰਘ ਨੂੰ 19 ਵੋਟਾਂ ਪਈਆਂ। ਕੁੱਲ 142 ਵਿੱਚੋਂ ਇਕ ਵੋਟ ਰੱਦ ਹੋਈ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿਗ ਕਮੇਟੀ ਦੇ ਮੈਬਰਾਂ ਦੀ ਚੋਣ ਵੀ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਤੋਂ ਬਾਅਦ ਮੁਕੰਮਲ ਕੀਤੀ ਗਈ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੰਤ ਬਲਬੀਰ ਸਿੰਘ ਘੁੰਣਸ, ਭਾਈ ਗੋਬਿੰਦ ਸਿੰਘ ਲੌੰਗੋਵਾਲ ਆਦਿ ਮੈਂਬਰ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਹਰਜਿੰਦਰ ਧਾਮੀ ਨੇ ਨੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ। ਇਸ ਦੇ ਨਾਲ ਧਾਮੀ ਹੀ ਨੇ ਕਿਹਾ ਕਿ ਜਿਸ ਤਰ੍ਹਾਂ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸਿੱਖਾਂ ਨੂੰ ਆਪਣੀ ਆਸਥਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।