Akali Baba Phula Singh ji : ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਅੰਮ੍ਰਿਤਸਰ:ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਗਿਆ। ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਇਸ ਤੋਂ ਇਲਾਵਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ।
200 ਸਾਲਾ ਸ਼ਹੀਦੀ ਸ਼ਤਾਬਦੀ: ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵਾਲੀਆ ਨੇ ਦੱਸਿਆ ਕਿ ਅੱਜ ਅਕਾਲ ਤਖਤ ਸਾਹਿਬ ਤੋਂ ਬਾਬਾ ਫੂਲਾ ਸਿੰਘ ਜੀ ਦਾ ਨਗਰ ਕੀਰਤਨ ਆਰੰਭ ਹੋਇਆ ਹੈ ਤੇ ਵੱਖ-ਵੱਖ ਬਜ਼ਾਰਾਂ ਚ ਹੁੰਦਾ ਹੋਇਆ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਬਾਬਾ ਬਲਵਰ ਸਿੰਘ 96 ਕਰੋੜੀ ਜੀ ਵੱਲੋਂ ਸਮੂਹ ਦੇਸ਼ ਵਿੱਚ ਵੱਸਦੀਆਂ ਸਿੱਖ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਨ ਦੀ ਮੁਬਾਰਕਵਾਦ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਵੱਖ-ਵੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਹਨ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ:Harsimrat Kaur Badal: ਹਰਸਿਮਰਤ ਬਾਦਲ ਨੇ ਕਿਹਾ- ਬੰਦੀ ਸਿੰਘਾਂ ਦੀ ਰਿਹਾਈ 'ਚ ਔਕੜਾਂ ਲਈ 'ਆਪ' ਵੀ ਕਸੂਰਵਾਰ
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ । ਇਸ ਨਗਰ ਕੀਰਤਨ ਵਿੱਚ ਸੰਪਰਦਾ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਹਾਥੀ ਅਤੇ ਘੋੜੇ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਗਤਕਾ ਪਾਰਟੀਆਂ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਕੌਮ ਅਤੇ ਸਮਾਜ ਨੇ ਵੀ ਸ਼ਮੂਲੀਅਤ ਕੀਤੀ।
ਵਿਰਸਾ ਸੰਭਾਲ: ਇਸ ਮੌਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਲਾਹੋਰੀ ਗੇਟ, ਖ਼ਜ਼ਾਨਾ ਗੇਟ, ਹਕੀਮਾਂ ਗੇਟ, ਭਗਤਾਂ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆਂ ਗੇਟ, ਚਾਟੀਵਿੰਡ ਗੇਟ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੱਜ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਜਸ ਨਾਲ ਜੋੜਨਗੇ। ਉਨ੍ਹਾਂ ਨੇ ਦੱਸਿਆ ਕਿ ਸ਼ਤਾਬਦੀ ਮੌਕੇ 14 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ।