ਅੰਮ੍ਰਿਤਸਰ :ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਦੇਸ਼-ਵਿਦੇਸ਼ ਤੋਂ ਪਹੁੰਚਦੀ ਹੈ। ਇਸ ਦੌਰਾਨ ਜਦੋਂ ਸੰਗਤ ਸ੍ਰੀ ਦਰਬਾਰ ਸਾਹਿਬ ਆਉਂਦੀ ਹੈ ਤਾਂ ਰਸਤੇ ਵਿੱਚ ਕਈ ਤਰ੍ਹਾਂ ਦੀਆਂ ਮੀਟ-ਆਂਡੇ ਅਤੇ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਸ਼ਰ੍ਹੇਆਮ ਖੁੱਲ੍ਹੀਆਂ ਹੁੰਦੀਆਂ ਹਨ। ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾਉਣ ਲਈ ਲਗਾਤਾਰ ਹੀ ਸਿੱਖ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਈ ਵਾਰ ਪੱਤਰ ਲਿਖੇ ਜਾ ਚੁੱਕੇ ਹਨ ਕਿ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾ ਕੇ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।
ਜਿਸ ਦੇ ਚਲਦੇ ਇੱਕ ਵਾਰ ਫਿਰ ਸਮਾਜ ਸੁਧਾਰ ਸੰਸਥਾ ਪੰਜਾਬ ਵੱਲੋਂ ਅੰਮ੍ਰਿਤਸਰ ਵਿਰਾਸਤੀ ਮਾਰਗ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਪੱਤਰ ਲਿਖਿਆ ਜਾਵੇਗਾ ਅਤੇ ਉਸ ਪੱਤਰ ਦੇ ਹੇਠਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਦਸਤਖਤ ਕਰਵਾਏ ਜਾਣਗੇ ਅਤੇ ਸ਼ਰਧਾਲੂਆਂ ਦੀ ਰਾਏ ਲਈ ਜਾਏਗੀ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਰਾਬ ਦੇ ਠੇਕੇ ਅਤੇ ਪਾਨ ਬੀੜੀ ਦੀਆਂ ਦੁਕਾਨਾਂ ਬੰਦ ਹੋਣੀਆਂ ਚਾਹੀਦੀਆਂ ਹਨ ਜਾਂ ਨਹੀਂ?