ਅੰਮ੍ਰਿਤਸਰ: ਜੂਨ 1984 ਵਿੱਚ ਭਾਰਤੀ ਫੌਜਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 'ਤੇ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਉਨ੍ਹਾਂ ਦੇ ਸਾਥੀ ਭਾਈ ਅਮਰੀਕ ਸਿੰਘ, ਸ਼ੁਭੇਗ ਸਿੰਘ, ਬਾਬਾ ਠਾਹਰਾ ਸਿੰਘ ਸਮੇਤ ਕਈ ਸਿੰਘ ਸ਼ਹੀਦ ਹੋ ਗਏ। ਉਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ ਦੇ ਪਹਿਲੇ ਹਫ਼ਤੇ ਪਾਠ ਪ੍ਰਕਾਸ਼ ਕਰਵਾਏ ਜਾਂਦੇ ਹਨ।
ਇਸੇ ਤਹਿਤ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲੀ ਮੰਜ਼ਿਲ 'ਤੇ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਗਏ।ਇਸ ਮੌਕੇ ਸਮੂਹ ਸਿੰਘਾਂ ਦੀ ਆਤਮ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਨ੍ਹਾਂ ਪਾਠਾਂ ਦੇ ਭੋਗ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਪਾਏ ਜਾਣਗੇ।