ਅੰਮ੍ਰਿਤਸਰ : ਨਸ਼ੇ ਦੀ ਮਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਚਪੇਟ ਵਿਚ ਲੈਂਦੀ ਜਾ ਰਹੀ ਹੈ। ਹਾਲਾਂਕਿ ਕੋਈ ਵੀ ਸਿਆਸੀ ਪਾਰਟੀ ਹੋਵੇ ਉਸ ਵੱਲੋਂ ਨਸ਼ੇ ਨੂੰ ਖਤਮ ਕਰਨ ਦੇ ਲੱਖਾਂ ਦਾਅਵੇ ਕੀਤੇ ਜਾਂਦੇ ਹਨ ਪਰ ਨਸ਼ੇ ਦੇ ਸੌਦਾਗਰਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾਂਦੀ। ਜਿਸ ਕਾਰਨ ਹੁਣ ਲੋਕ ਆਪ ਮੁਹਾਰੇ ਹੋ ਕੇ ਨਸ਼ੇ ਦੇ ਖਿਲਾਫ ਮੁਹਿੰਮ ਵਿੱਢਦੇ ਹੋਏ ਨੁੱਕੜ ਬੈਠਕਾਂ ਕਰਕੇ ਆਮ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਦੇ ਹੋਏ ਨਜ਼ਰ ਆ ਰਹੇ ਹਨ। ਅਜਿਹਾ ਹੀ ਦੇਖਣ ਨੂੰ ਮਿਲਿਆ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਜਿੱਥੇ ਲੋਕਾਂ ਵੱਲੋਂ ਖੁਦ ਫੈਸਲਾ ਕੀਤਾ ਗਿਆ ਹੈ ਕਿ ਹੁਣ ਉਹ ਆਪਣੇ ਇਲਾਕੇ ਵਿੱਚ ਨਸ਼ਾ ਨਹੀਂ ਵਿਕਣ ਦੇਣਗੇ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਆਪਣੇ ਇਲਾਕੇ ਵਿਚ ਇਕ ਹੰਗਾਮੀ ਮੀਟਿੰਗ ਕੀਤੀ ਗਈ। ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਸਰਬਜੀਤ ਸਿੰਘ ਹੈਰੀ ਨੇ ਜਾਣਕਾਰੀ ਦਿੱਤੀ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਵਿੱਚ ਆਪ ਖੁਦ ਲੋਕ ਬੋਲ ਕੇ ਨਸ਼ੇ ਦੇ ਖਿਲਾਫ਼ ਅਵਾਜ਼ ਚੁੱਕ ਰਹੇ ਹਨ।
ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚਲਾਉਂਦੇ : ਉਨ੍ਹਾਂ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਹੋਣ ਇਸ ਇਲਾਕੇ ਵਿੱਚ ਨਸ਼ਾ ਵੇਚਦਾ ਹੋਵੇਗਾ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਜ਼ਰੂਰ ਕਰਵਾਉਣਗੇ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਕੋਈ ਸਹਿਯੋਗ ਨਹੀਂ ਮਿਲਿਆ ਸੀ ਲੇਕਿਨ ਹੁਣ ਉਨ੍ਹਾਂ ਨੂੰ ਪੂਰਨ ਸਹਿਯੋਗ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਵੱਲੋਂ ਸਿਆਸੀ ਆਗੂਆਂ ਉੱਤੇ ਵੀ ਨਿਸ਼ਾਨਾ ਸਾਧਿਆ ਕਿ ਇਥੋਂ ਦੇ ਰਾਜਨੀਤਿਕ ਲੀਡਰ ਜੋ ਕਿ ਹਮੇਸ਼ਾ ਹੀ ਸੱਤਾ ਦੇ ਲਾਲਚੀ ਹਨ ਜਿਹੜੀ ਵੀ ਪਾਰਟੀ ਸੱਤਾ ਵਿਚ ਆਉਂਦੀ ਹੈ ਉਸ ਨਾਲ ਗਲਵੱਕੜੀ ਪਾ ਕੇ ਆਪਣਾ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚਲਾਉਂਦੇ ਹਨ। ਅੱਗੇ ਬੋਲਦਿਆਂ ਕਿਹਾ ਕਿ ਅਸੀਂ ਉਹਨਾਂ ਨੂੰ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਜੇਕਰ ਉਨ੍ਹਾਂ ਨੇ ਆਪਣਾ ਕੰਮ ਬੰਦ ਨਾ ਕੀਤਾ ਆਮ ਲੋਕ ਹੁਣ ਸੜਕਾਂ 'ਤੇ ਉਤਰ ਕੇ ਉਨ੍ਹਾਂ ਖਿਲਾਫ ਕਾਰਵਾਈ ਜ਼ਰੂਰ ਕਰਨਗੇ।