ਅੰਮ੍ਰਿਤਸਰ: ਬੀਤੀ 5 ਅਗਸਤ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੋਬਿੰਦ ਰਮਾਇਣ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਸਿੱਖ ਭਾਈਚਾਰੇ 'ਚ ਲਗਾਤਾਰ ਇਸ ਬਿਆਨ ਦੀ ਚਰਚਾ ਹੋ ਰਹੀ ਹੈ। ਇਸ ਬਿਆਨ ਨੂੰ ਲੈ ਸਿੱਖ ਭਾਈਚਾਰੇ 'ਚ ਰੋਸ ਵੇਖਣ ਨੂੰ ਵੀ ਮਿਲਿਆ ਹੈ। ਇਸ ਬਿਆਨ 'ਤੇ ਵਿਚਾਰ ਚਰਚਾ ਤੋਂ ਬਾਅਦ ਸਰਬੱਤ ਖ਼ਾਲਸਾ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅਹਿਮ ਕਦਮ ਚੁੱਕਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫੀ ਮੰਗਣ ਲਈ 15 ਦਿਨਾਂ ਦਾ ਸਮਾਂ ਦਿੱਤਾ ਹੈ।
ਭਾਈ ਧਿਆਨ ਸਿੰਘ ਮੰਡ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦੇ ਨਿਰਮਾਣ ਮੌਕੇ ਜੋ ਰਮਾਇਣ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਲਿਖੇ ਜਾਣ ਦੀ ਗੱਲ ਕਹੀ, ਉਸ ਨਾਲ ਸਿੱਖ ਕੌਮ ਦਾ ਮਨ ਬਹੁਤ ਦੁਖੀ ਹੋਇਆ ਹੈ। ਭਾਈ ਮੰਡ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਵੱਡੇ ਅਹੁਦੇ 'ਤੇ ਬੈਠ ਕੇ ਇੱਕ ਵੱਡੇ ਲੋਕਤੰਤਰ ਦੇ ਪ੍ਰਧਾਨ ਮੰਤਰੀ ਹੋਣ ਦੇ ਬਾਵਜੂਦ ਬਗੈਰ ਸੋਚੇ ਸਮਝੇ, ਬਗੈਰ ਪੜ੍ਹੇ ਬਹੁਤ ਵੱਡਾ ਵਿਵਾਦਿਤ ਬਿਆਨ ਦਿੱਤਾ ਹੈ, ਜਿਸ ਨਾਲ ਦੁਨੀਆਂ ਦੇ ਕੋਨੇ- ਕੋਨੇ ਵਿੱਚ ਬੈਠੇ ਸਿੱਖਾਂ ਨੂੰ ਡੁੰਘੀ ਸੱਟ ਵੱਜੀ ਹੈ ਅਤੇ ਕੋਈ ਵੀ ਸਿੱਖ ਇਸ ਬਿਆਨ ਨੂੰ ਬਰਦਾਸ਼ਤ ਨਹੀਂ ਕਰੇਗਾ।