ਅੰਮ੍ਰਿਤਸਰ: ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ 10 ਮਹੀਨਿਆਂ ਬਾਅਦ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਪੁਲਿਸ ਵਲੋਂ ਫੜਿਆ ਗਿਆ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਜਿਥੇ ਹੁਣ ਪੁਲਿਸ ਵਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ 'ਤੇ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਅਜਨਾਲਾ ਰਿਪੁਤਪਨ ਸਿੰਘ ਸੰਧੂ ਦਾ ਕਹਿਣਾ ਹੈ, " ਕਾਬੂ ਕੀਤਾ ਸ਼ਖ਼ਸ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਇਸ ਕੇਸ ਵਿੱਚ ਭਗੌੜਾ ਸੀ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ 4 ਦਿਨ ਦਾ ਰਿਮਾਂਡ ਦਿੱਤਾ।"
ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ: ਅਜਨਾਲਾ ਥਾਣੇ 'ਤੇ ਇਸ ਸਾਲ 23 ਫਰਵਰੀ ਨੂੰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਧਾਵਾ ਬੋਲਿਆ ਗਿਆ ਸੀ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 39 ਦਰਜ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ਵਿੱਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਨ੍ਹਾਂ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਹੈ।
ਸਾਥੀ ਤੁਫ਼ਾਨ ਸਿੰਘ ਲਈ ਘੇਰਿਆ ਸੀ ਥਾਣਾ: ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਲਵਪ੍ਰੀਤ ਤੂਫਾਨ ਖਿਲਾਫ ਮਾਮਲਾ ਦਰਜ ਕਰਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ 23 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਏ। ਇਸ ਦੌਰਾਨ ਅਜਨਾਲਾ ਥਾਣੇ 'ਚ ਬੈਠ ਕੇ ਅੰਮ੍ਰਿਤਪਾਲ ਸਿੰਘ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਗੱਲਬਾਤ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ।
ਪੁਲਿਸ ਨੇ ਕਾਰਵਾਈ ਨਾ ਕਰਨ ਦਾ ਦਿੱਤਾ ਸੀ ਹਵਾਲਾ:ਅਜਨਾਲਾ ਥਾਣੇ 'ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਹਜ਼ਾਰਾਂ ਸਮਰਥਕਾਂ ਵੱਲੋਂ ਘਿਰਾਓ ਕੀਤਾ ਗਿਆ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ, ਜਿਸ 'ਚ ਕਈ ਪੁਲਿਸ ਵਾਲੇ ਜ਼ਖ਼ਮੀ ਵੀ ਹੋਏ ਸਨ। ਇਸ ਦੇ ਨਾਲ ਹੀ ਥਾਣੇ ਦੇ ਘਿਰਾਓ ਦੌਰਾਨ ਅੰਮ੍ਰਿਤਪਾਲ ਸਿੰਘ ਵਲੋਂ ਜਥੇ ਦੇ ਅੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਤੋਰਿਆ ਗਿਆ, ਜਿਸ ਦੇ ਚੱਲਦੇ ਪੁਲਿਸ ਮੁਲਾਜ਼ਮ ਤੇ ਅਧਿਕਾਰੀ ਪਿਛੇ ਹੱਟ ਗਏ। ਨਿੱਜੀ ਟੀਵੀ ਚੈਨਲ ਨੂੰ ਦਿੱਤੇ ਬਿਆਨ ਵਿੱਚ ਪੁਲਿਸ ਨੇ ਕਾਰਵਾਈ ਨਾ ਕਰਨ ਦਾ ਇਹ ਕਾਰਨ ਦੱਸਿਆ ਹੈ।