ਰੱਖੜ ਪੁੰਨਿਆ ਮੌਕੇ ਬਦਲੇ ਗਏ ਟ੍ਰੈਫਿਕ ਰੂਟ ਪਲਾਨ ਅੰਮ੍ਰਿਤਸਰ: ਇਤਹਾਸਿਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਤੋਂ 4 ਦਿਨਾਂ ਰੱਖੜ ਪੁੰਨਿਆ ਅਤੇ ਸਾਚਾ ਗੁਰੂ ਲਾਧੋ ਰੇ ਦਿਹਾੜਾ, ਮੇਲਾ ਸ਼ੁਰੂ ਹੋਣ ਜਾ ਰਿਹਾ ਹੈ। ਰੱਖੜ ਪੁੰਨਿਆ ਮੇਲੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਬਾਬਾ ਬਕਾਲਾ ਸਾਹਿਬ ਵਿਖੇ ਪੁੱਜ ਰਹੀਆਂ ਹਨ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ 31 ਅਗਸਤ ਨੂੰ ਸੂਬਾ ਪੱਧਰੀ ਸਿਆਸੀ ਸਟੇਜਾਂ ਵੀ ਇੱਥੇ ਲਗਾਈਆਂ ਜਾ ਰਹੀਆਂ ਹਨ।
500 ਤੋਂ ਵੱਧ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ: ਉਕਤ ਸਮੂਹ ਧਾਰਮਿਕ ਸਮਾਗਮਾਂ ਅਤੇ ਸਿਆਸੀ ਪ੍ਰੋਗਰਾਮਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਦੀ ਸਮੀਖਿਆ ਅੱਜ ਬਕਾਇਦਾ ਤੌਰ ਉੱਤੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਸਮੇਤ ਆਲਾ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਐੱਸਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ 500 ਤੋਂ ਵੱਧ ਪੁਲਿਸ ਮੁਲਾਜ਼ਮ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।
ਵੱਖ-ਵੱਖ ਟ੍ਰੈਫਿਕ ਰੂਟ ਪਲਾਨ ਤਿਆਰ: ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਵੱਖ-ਵੱਖ ਖੇਤਰਾਂ ਉੱਤੇ ਆਉਣ-ਜਾਣ ਵਾਲੇ ਰਸਤਿਆਂ ਉੱਤੇ ਟ੍ਰੈਫਿਕ ਪੁਲਿਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸੰਗਤ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਵਲੋਂ ਬਕਾਇਦਾ ਤੌਰ ਉੱਤੇ ਵੱਖ-ਵੱਖ ਟ੍ਰੈਫਿਕ ਰੂਟ ਪਲਾਨ ਤਿਆਰ ਕੀਤੇ ਗਏ ਹਨ। ਜਿਸ ਲਈ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੇਲੇ ਵਿੱਚ ਆਉਣ ਵਾਲੀ ਸੰਗਤ ਦੀ ਆਸਥਾ ਨੂੰ ਧਿਆਨ ਹਿੱਤ ਰੱਖਦਿਆਂ ਸਮੂਹ ਮੁਲਾਜ਼ਮਾਂ ਨੂੰ ਸੰਗਤ ਨਾਲ ਸਤਿਕਾਰ ਦਾ ਲਹਿਜਾ ਰੱਖਣ ਨੁੰ ਕਿਹਾ ਗਿਆ ਹੈ।
ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ:ਡੀਐੱਸਪੀ ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਮੇਲੇ ਵਿੱਚ ਬੁਲਟਾਂ ਦੇ ਪਟਾਕੇ ਪਾਕੇ ਦਹਿਸ਼ਤ ਮਚਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਖ਼ਾਸ ਤੌਰ ਉੱਤੇ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਟਰੈਕਟਰਾਂ ਉੱਤੇ ਵੱਡੇ ਸਪੀਕਰ ਲਾਕੇ ਆਉਣ ਵਾਲੇ ਨੌਜਵਾਨਾਂ ਨੂੰ ਵੀ ਉਨ੍ਹਾਂ ਵਰਜਦਿਆਂ ਕਿਹਾ ਕਿ ਜੋ ਵੀ ਕਾਨੂੰਨੀ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ।