ਅੰਮ੍ਰਿਤਸਰ: ਇੱਕ ਪਾਸੇ ਜਿਥੇ ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਦੂਜੇ ਪਾਸੇ ਇਸ ਨਸ਼ੇ ਦੀ ਗਲਤਾਨ 'ਚ ਫਸੇ ਨੌਜਵਾਨਾਂ ਤੇ ਲੋਕਾਂ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਵਲੋਂ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਗ੍ਰਾਫ 'ਤੇ ਚਿੰਤਾ ਪ੍ਰਗਟਾਉਂਦਿਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਅਭਿਆਨ ਸ਼ੁਰੂ ਕੀਤੇ ਹਨ। ਜਿਸ ਦੇ ਚੱਲਦੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੰਡਿਆਲਾ ਗੁਰੂ ਸ਼ਹਿਰ ਵਿੱਚ ਐੱਸ.ਪੀ ਹੈਡਕੁਆਰਟਰ ਜਸਵੰਤ ਕੌਰ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਇੱਕ ਵਿਸ਼ਾਲ ਜਾਗਰੂਕਤਾ ਰੈਲੀ (Awareness rally against drugs) ਕੱਢੀ ਗਈ। ਜਿਸ ਵਿੱਚ ਜ਼ਿਲ੍ਹਾ ਪੱਧਰੀ ਪੁਲਿਸ ਟੀਮਾਂ ਤੋਂ ਇਲਾਵਾ ਸਥਾਨਕ ਸ਼ਹਿਰ ਵਾਸੀਆਂ ਨੇ ਵੱਧ ਚੜ੍ਹ ਕੇ ਸ਼ਿਰਕਤ ਕਰਦਿਆਂ ਨਸ਼ੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਬੱਚਿਆਂ ਤੇ ਨੌਜਵਾਨਾਂ ਨੂੰ ਕਰ ਰਹੇ ਜਾਗਰੂਕ: ਇਸ ਮੌਕੇ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਪੀ ਜਸਵੰਤ ਕੌਰ ਨੇ ਕਿਹਾ ਕਿ ਵਿਸ਼ੇਸ਼ ਪੁਲਿਸ ਟੀਮਾਂ ਵਲੋਂ ਨਸ਼ਿਆਂ ਦੇ ਨੁਕਸਾਨ ਬਾਰੇ ਪਿੰਡਾਂ ਤੇ ਸ਼ਹਿਰਾਂ ਦੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਨੂੰ ਨੌਜਵਾਨ ਪੀੜ੍ਹੀ ਅਤੇ ਪਿੰਡਾਂ ਦੀ ਸੱਥ ਤੱਕ ਪਹੁੰਚ ਕਰਦਿਆਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐੱਸ.ਪੀ ਜਸਵੰਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਨਸ਼ਿਆਂ ਖ਼ਿਲਾਫ਼ ਅਜਿਹੀਆਂ ਜਾਗਰੂਕਤਾ ਰੈਲੀਆਂ ਜਾਰੀ ਰਹਿਣਗੀਆਂ।