ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਆਉਣ ਵਾਲੀ ਵਿਧਾਨ ਸਭਾ ਦੀਆਂ ਵੋਟਾਂ ਦੌਰਾਨ ਟਿਕਟ ਦਾ ਥਾਪੜਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜਨਾਲਾ ਦੀ ਦਾਣਾ ਮੰਡੀ ’ਚ ਵਿਧਾਨ ਸਭਾ ਹਲਕਾ ਅਜਨਾਲਾ ਦੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਾਅਦਿਆਂ ਦੀ ਝੜੀ ਲਗਾਉਂਦੇ ਹੋਏ, ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਸਰਕਾਰ ਬਣਨ ’ਤੇ ਝੂਠੇ ਪਰਚੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਡਿਸਮਿਸ ਕੀਤਾ ਜਾਵੇਗਾ: ਸੁਖਬੀਰ ਬਾਦਲ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਬਣਨ ’ਤੇ ਝੂਠੇ ਪਰਚ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਨਹੀਂ, ਸਿੱਧਾ ਡਿਸਮਿਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤੇ ਪੁਲਿਸ ਮੁਲਾਜ਼ਮਾਂ ਦੀ ਭਰਤੀ ਤੇ ਤਰੱਕੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਈ ਹੈ। ਉਨ੍ਹਾਂ ਨੇ ਬੋਨੀ ਅਜਨਾਲਾ ਨੂੰ ਹਲਕੇ ’ਚ ਝੂਠੇ ਪਰਚੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਸੂਚੀ ਤਿਆਰ ਕਰਨ ਲਈ ਵੀ ਕਿਹਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਾਅਦਿਆਂ ਦੀ ਝੜੀ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਜਿੱਥੇ ਝੋਨੇ ਅਤੇ ਕਣਕ ਦੀ ਫ਼ਸਲ ਉੱਤੇ ਐੱਮਐੱਸਪੀ ਚਾਲੂ ਰਹੇਗੀ, ਉੱਥੇ ਹੀ ਫਲ ਅਤੇ ਸਬਜ਼ੀਆਂ ਦੇ ਨਾਲ-ਨਾਲ ਦੁੱਧ ਉੱਤੇ ਵੀ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਉੱਤੇ ਬਿਨਾਂ ਵਿਆਜ ਕਰਜ਼ਾ ਦਿੱਤਾ ਜਾਵੇਗਾ ਤੇ ਘਰਾਂ ਦੇ ਬਿਜਲੀ ਦੇ ਰੇਟ ਅੱਧੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸਸੀ ਤੇ ਬੀਸੀ ਵਿਦਿਆਰਥੀਆਂ ਦੀ ਪੜ੍ਹਾਈ ਬਿਲਕੁਲ ਮੁਫ਼ਤ ਹੋਵੇਗੀ ਤੇ ਕੈਪਟਨ ਸਰਕਾਰ ਵੱਲੋਂ ਐੱਸਸੀ ਵਿਦਿਆਰਥੀਆਂ ਦੇ ਬੰਦ ਕੀਤੇ ਗਏ ਸਕਾਲਸ਼ਿਪ ਮੁੜ ਸ਼ੁਰੂ ਕੀਤੇ ਜਾਣਗੇ।
ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਹੋਏ ਸਾਂਝ ਕੇਂਦਰਾਂ ਨੂੰ ਮੁੜ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਸਰਕਾਰ ਦੇ ਰਾਜ ’ਚ ਬਿਜਲੀ ਦੇ ਬਿੱਲਾਂ ’ਚ ਭਾਰੀ ਵਾਧਾ ਕਰ ਕੇ ਮੁਨਾਫਾ ਕਮਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆੜ੍ਹਤੀਆਂ ਦਾ ਕਮਿਸ਼ਨ ਵੀ ਸਰਕਾਰ ਆਪਣੇ ਖ਼ਜ਼ਾਨੇ ਵਿੱਚੋਂ ਦਿੱਤਾ ਜਾਵੇਗੀ।