ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ 'ਚ ਕੰਮਕਾਰ ਠੱਪ ਹੋਣ ਕਾਰਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਹੀ ਅੱਜ ਅੰਮ੍ਰਿਤਸਰ 'ਚ ਪ੍ਰਾਈਵੇਟ ਡਰਾਈਵਰ ਯੂਨੀਅਨ ਨੇ ਆਪਣੇ ਪਰਿਵਾਰ ਸਣੇ ਮਾਲਕਾਂ ਤੇ ਸਰਕਾਰ ਖਿਲਾਫ਼ ਸ਼ਾਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ।
ਪ੍ਰਾਈਵੇਟ ਡਰਾਈਵਰ ਯੂਨੀਅਨ ਦੇ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਨੇ ਲੌਕਡਾਊਨ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਲਗਾਇਆ ਹੈ ਜਿਸ ਦੀ ਉਨ੍ਹਾਂ ਵੱਲੋਂ ਪਾਲਣਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੌਕਡਾਊਨ ਹੋਣ ਕਾਰਨ ਉਨ੍ਹਾਂ ਨੂੰ ਉਨ੍ਹਾਂ ਦੇ ਮਾਲਕਾਂ ਨੇ ਕੰਮ ਤੋਂ ਕੱਢ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਯੂਨੀਅਨ ਨਾਲ 500 ਦੇ ਕਰੀਬ ਡਰਾਈਵਰ ਜੁੜੇ ਹੋਏ ਹਨ ਜਿਸ 'ਚੋਂ 450 ਡਰਾਈਵਾਰਾਂ ਨੂੰ ਬਿਨਾਂ ਤਨਖ਼ਾਹ ਤੋਂ ਉਨ੍ਹਾਂ ਦੇ ਮਾਲਕਾਂ ਨੇ ਕੱਢ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧ 'ਚ ਅੰਮ੍ਰਿਤਸਰ ਦੇ ਡੀਸੀ ਨੂੰ ਸੂਚਿਤ ਕੀਤਾ ਸੀ ਤੇ ਆਪਣਾ ਮੰਗ ਪੱਤਰ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ 'ਚ ਡੀਸੀ ਵੱਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਇਹ ਰੋਸ ਪ੍ਰਦਰਸ਼ਨ ਕਰਨਾ ਪਿਆ।