ਅ੍ਰੰਮਿਤਸਰ: ਇਕ ਪਾਸੇ ਜਿੱਥੇ ਅੰਮ੍ਰਿਤਸਰ ਵਿੱਚ ਬੀ.ਆਰ.ਟੀ.ਐਸ. ਦੇ ਮੁਲਾਜ਼ਮ ਤਨਖਾਹ ਨਾ ਮਿਲਨ ਦੇ ਕਾਰਨ ਹੜਤਾਲ 'ਤੇ ਹਨ ਉੱਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਬੇਸਮੈਂਟ ਵਿੱਚ ਬਣੇ 'ਗੋਲਡਨ ਟੈਂਪਲ' ਪਲਾਜ਼ਾ ਦੇ 120 ਦੇ ਕਰੀਬ ਸੁਰੱਖਿਆ ਕਰਮਚਾਰੀਆਂ ਨੇ ਧਰਨਾ ਪ੍ਰਦਰਸ਼ਨ ਕੀਤਾ।
2 ਮਹੀਨਿਆਂ ਦੀ ਤਨਖ਼ਾਹ ਨਾ ਮਿਲਨ ਕਾਰਨ ਹੜਤਾਲ 'ਤੇ ਬੈਠੇ ਇਨ੍ਹਾਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦੇ ਟੂਰਿਜ਼ਮ ਵਿਭਾਗ ਵੱਲੋਂ ਇੱਕ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਕੰਪਨੀ ਨੇ ਅਜੇ ਤੱਕ ਉਨ੍ਹਾਂ ਨੂੰ ਤਨਖ਼ਾਹ ਨਹੀਂ ਦਿੱਤੀ। ਉਨ੍ਹਾਂ ਦੀ ਤਨਖ਼ਾਹ ਸਰਕਾਰ ਦੇ ਖਾਤੇ ਵਿਚੋਂ ਕਿੰਨੀ ਆ ਰਹੀ ਹੈ, ਇਹ ਵੀ ਉਨ੍ਹਾਂ ਨੂੰ ਨਹੀਂ ਪਤਾ ਕਿਉਂਕਿ ਹਰ ਇੱਕ ਦੀ ਤਨਖ਼ਾਹ ਵੱਖੋ- ਵੱਖ ਹੈ।
ਇਨ੍ਹਾਂ ਸੁਰੱਖਿਆ ਕਰਮਚਾਰੀਆਂ ਦਾ ਕਹਿਣਾ ਹੈ ਕਿ ਇੱਕ ਤਾਂ ਉਨ੍ਹਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਉੱਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ ਤੇ ਲਾਠੀਚਾਰਜ ਕਰਵਾਇਆ ਜਾਵੇਗਾ। ਇਸ ਦੌਰਾਨ ਕੰਪਨੀ ਦਾ ਕੋਈ ਵੀ ਅਧਿਕਾਰੀ ਮੀਡੀਆ ਅੱਗੇ ਨਹੀ ਆਇਆ।