ਪੀਆਰਟੀਸੀ ਮੁਲਾਜ਼ਮਾਂ ਦਾ ਧਰਨਾ ਖਤਮ ਅੰਮ੍ਰਿਤਸਰ :ਅੰਮ੍ਰਿਤਸਰ ਵਿਖੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਵਾਸਤੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਸੀ, ਜੋ ਕਿ ਮੁਲਾਜ਼ਮਾਂ ਦੀ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਖਤਮ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਕਾਰੀਆਂ ਰਾਹੀਂ ਮੁਲਾਜ਼ਮਾਂ ਨੂੰ 10 ਜੁਲਾਈ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਬੀਤੇ ਦਿਨੀਂ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਉਤੇ ਇਲਜ਼ਾਮ ਲਾਏ ਸਨ ਕਿ ਪੰਜਾਬ ਸਰਕਾਰ ਨੇ ਸੱਥਾ ਉਤੇ ਕਾਬਜ਼ ਹੋਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਿਸੇ ਨੂੰ ਵੀ ਧਰਨੇ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ, ਪਰ ਅੱਜ ਉਨ੍ਹਾਂ ਨੂੰ ਆਪਣੀਆਂ ਕਈ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਵਾਸਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਮੀਟਿੰਗ ਮਗਰੋਂ ਮੁਲਾਜ਼ਮਾਂ ਨੇ ਖਤਮ ਕੀਤਾ ਪ੍ਰਦਰਸ਼ਨ :ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਪੀਆਰਟੀਸੀ ਮੁਲਾਜ਼ਮਾਂ ਨੇ 2 ਤੋਂ 3 ਤਿੰਨ ਬੱਸਾਂ ਰੋਕ ਕੇ ਚੱਕਾ ਜਾਮ ਕੀਤਾ ਗਿਆ ਸੀ। ਇਸ ਦੌਰਾਨ ਸਵਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਸਿੱਟਾਂ ਨਹੀਂ ਨਿਕਲਦਾ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨਗੇ, ਪਰ ਮੁਲਾਜ਼ਮਾਂ ਤੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਗੌਰ ਕੀਤੀ ਗਈ ਹੈ, ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਆਪਣਾ ਮੋਰਚਾ ਖਤਮ ਕਰ ਦਿੱਤਾ ਹੈ।
ਮੁਲਾਜ਼ਮਾਂ ਨੇ ਮੰਗਾਂ ਨਾ ਮੰਨਣ ਉਤੇ ਦਿੱਤੀ ਸੀ ਚੁਣੌਤੀ :ਦੱਸ ਦਈਏ ਕਿਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਦੇ ਬੱਸ ਸਟੈਂਡ ਵਿੱਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਰੋਸ ਦੇ ਚੱਲਦਿਆਂ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ 2 ਦਿਨ ਪਨਬੱਸ ਤੇ ਪੀਆਰਟੀਸੀ ਦੀਆਂ ਕਰੀਬ ਤਿੰਨ ਹਜ਼ਾਰ ਬੱਸਾਂ ਦਾ ਚੱਕਾ ਜਾਮ ਰਹੇਗਾ। ਠੇਕਾ ਮੁਲਾਜ਼ਮਾਂ ਵੱਲੋਂ ਚਲਾਈਆਂ ਜਾਣ ਵਾਲੀਆਂ ਬੱਸਾਂ ਵੀ ਰਵਾਨਾ ਨਹੀਂ ਕੀਤੀਆਂ ਗਈਆਂ, ਹਾਲਾਂਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਰੋਡਵੇਜ਼ ਦੀਆਂ ਵੋਲਵੋ ਬੱਸਾਂ ਵਿੱਚ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ, ਨਵੀਂ ਦਿੱਲੀ ਤਕ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ।
ਬੀਤੇ ਕੱਲ੍ਹ ਮੁਸਫਰਾਂ ਨੂੰ ਹੋਈ ਪਰੇਸ਼ਾਨੀ ਉਤੇ ਬੋਲਦਿਆਂ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕਾਂਟ੍ਰੈਕਟ ਵਰਕਰਸ ਯੂਨੀਅਨ ਅੰਮ੍ਰਿਤਸਰ ਦੇ ਪ੍ਰਧਾਨ ਜੁਗਰਾਜ ਸਿੰਘ ਨੇ ਦੱਸਿਆ ਕਿ ਇਸ ਲਈ ਟ੍ਰਾਂਸਪੋਰਟ ਵਿਭਾਗ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 28 ਬੱਸ ਡਿਪੂ ਅਤੇ 3000 ਦੇ ਕਰੀਬ ਬੱਸਾਂ ਬੰਦ ਕਰ ਕੇ ਪ੍ਰਦਰਸ਼ਨ ਕਰ ਰਹੇ ਹਾਂ, ਸਾਡਾ ਦਿਲ ਨਹੀਂ ਕਰਦਾ ਕਿ ਸਾਡੇ ਕਰਕੇ ਲੋਕ ਖੱਜਲ-ਖੁਆਰ ਹੋਣ, ਪਰ ਹੜਤਾਲ ਕਰਨੀ ਸਾਡੀ ਮਜਬੂਰੀ ਹੈ, ਪਰ ਹੁਣ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਸਾਡੀਆਂ ਮੰਗਾਂ ਉਤੇ ਵਿਸ਼ੇਸ਼ ਧਿਆਨ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ ਤੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10 ਜੁਲਾਈ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਾਰਨ ਅਸੀਂ ਮੋਰਚਾ ਖਤਮ ਕਰ ਦਿੱਤਾ ਹੈ