ਅੰਮ੍ਰਿਤਸਰ:ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਬੱਸ ਸਟੈਂਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਦੋ ਘੰਟੇ ਲਈ ਬੱਸ ਸਟੈਂਡ ਅੰਦਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮਨੀਆ, ਤਾਂ ਉਹ 6 ਸਤੰਬਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਕਰਨਗੇ।
ਪਨਬੱਸ ਤੇ ਪੰਜਾਬ ਰੋਡਵੇਜ਼ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਉਹ 7 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ। ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ‘ਤੇ ਇਲਜ਼ਾਮ ਲਗਾਏ ਹਨ, ਕਿ ਉਹ ਸਾਡੇ ਨਾਲ ਮੀਟਿੰਗ ਵਿੱਚ ਹਰ ਵਾਰ ਵਾਅਦਾ ਕਰਦੇ ਹਨ, ਕਿ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰ ਰਹੇ ਹਨ, ਤੇ ਜਲਦ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋੋਂ ਰੈਗੂਲਰ ਕੀਤਾ ਜਾਵੇਗਾ, ਪਰ ਫਿਰ ਬਾਅਦ ਵਿੱਚ ਆਪਣੇ ਵੀ ਵਾਅਦੇ ਤੋਂ ਸਾਫ਼ ਮੁਕਰ ਜਾਂਦੇ ਹਨ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਉਹ ਪਿਛਲੇ 15 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਜਦਕਿ ਪੰਜਾਬ ਸਰਕਾਰ 3 ਸਾਲਾਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕਾਂ ਕਰਦੀ ਹੈ। ਪਰ ਇੱਥੇ 15 ਸਾਲ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਉਨ੍ਹਾਂ ਵੱਲ ਧਿਆਨ ਨਹੀਂ ਦੇ ਰਹੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਵੱਲੋਂ 2017 ਦੀਆਂ ਚੋਣਾਂ ਤੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ, ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਆਉਦੀ ਹੈ, ਤਾਂ ਉਹ ਪਹਿਲੀ ਕੈਬਨਿਟ ਵਿੱਚ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ, ਪਰ ਅੱਜ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ:ਕਿਸਾਨਾਂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ