ਅੰਮ੍ਰਿਤਸਰ:ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਗਈਆਂ ਸਨ ਅਤੇ ਇਸ ਦੌਰਾਨ ਹੀ ਕੁਝ ਲੋਕਾਂ ਵੱਲੋਂ ਕਥਿਤ ਅਫਵਾਹਾਂ ਦਾ ਬਾਜਾਰ ਗਰਮ ਕਰ ਲੋਕਾਂ ਵਿੱਚ ਵੈਕਸੀਨ ਲਗਵਾਉਣ ਨੂੰ ਲੈ ਕੇ ਦੁਚਿੱਤੀ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ ਸੀ ਪਰ ਬਾਵਜੂਦ ਇਸਦੇ ਸਿਹਤ ਵਿਭਾਗ ਵਲੋਂ ਸ਼ਾਨਦਾਰ ਸੇਵਾ ਨਿਭਾਉਂਦਿਆਂ ਸੂਬੇ ਦੇ ਵੈਕਸੀਨੇਸ਼ਨ ਟੀਚੇ ਨੂੰ ਕਾਫੀ ਹੱਦ ਤੱਕ ਪੂਰਾ ਕੀਤਾ ਗਿਆ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਡਾ. ਅਮਰਜੀਤ ਸਿੰਘ ਰੱਖੜਾ ਸਹਾਇਕ ਸਿਵਲ ਸਰਜਨ ਅੰਮ੍ਰਿਤਸਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਦੇਸ਼ ਭਰ ਦੇ ਵਿੱਚ ਸੂਬਾ ਪੱਧਰੀ ਤੌਰ ‘ਤੇ ਚਲਾਈ ਵੈਕਸੀਨੇਸ਼ਨ ਮੁਹਿੰਮ ਦੌਰਾਨ ਪੰਜਾਬ ਦੇਸ਼ ਭਰ ਵਿੱਚੋਂ ਤੀਸਰੇ ਸਥਾਨ ‘ਤੇ ਪੁੱਜ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਵੱਲੋਂ ਪਿੰਡ ਪਿੰਡ ਜਾ ਕੇ ਲੋਕਾਂ ਦੇ ਵੈਕਸੀਨ ਲਗਾਈ ਜਾ ਰਹੀ ਹੈ ।
ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਵਿਸ਼ੇਸ਼ ਮੁਹਿੰਮ ਤਹਿਤ 44,515 ਲੋਕਾਂ ਨੂੰ ਵੈਕਸੀਨੇਸ਼ਨ ਲਗਾ ਕੇ 89 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਚਿੰਤਤ ਹੈ ਜਿਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪੱਧਰ ‘ਤੇ ਜਾ ਕੇ ਅਨਾਊਂਸਮੈਟਾਂ ਕਰਵਾ ਅਤੇ ਕੈਂਪ ਲਗਾ ਕੇ ਵੈਕਸੀਨੇਸ਼ਨ ਮੁਹਿੰਮ ਨੂੰ ਸਿਖਰਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਅੱਜ ਪੰਜਾਬ ਦੇਸ਼ ਭਰ ਵਿੱਚੋਂ ਵੈਕਸੀਨੇਸ਼ਨ ਮੁਹਿੰਮ ਦੇ ਤਹਿਤ ਤੀਸਰੇ ਸਥਾਨ ਤੇ ਪੁੱਜ ਚੁੱਕਾ ਹੈ।
ਉਨ੍ਹਾਂ ਕਿਹਾ ਕਿ 09 ਜੁਲਾਈ ਦੇ ਕਰੀਬ ਹੁਣ ਕੋਵੈਕਸੀਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਲਦ ਤੋਂ ਜਲਦ ਵੈਕਸੀਨ ਜ਼ਰੂਰ ਲਗਵਾਉਣ ਅਤੇ ਵਿਭਾਗ ਵੀ ਇਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਪਿੰਡ ਪੱਧਰ ‘ਤੇ ਦੁਬਾਰਾ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕਰ ਰਿਹਾ ਹੈ ਤਾਂ ਜੋ ਵੈਕਸੀਨੇਸ਼ਨ ਤੋਂ ਵਾਂਝੇ ਰਹਿੰਦੇ ਲੋਕ ਵੀ ਵੈਕਸੀਨ ਲਗਵਾ ਸਕਣ।
ਇਹ ਵੀ ਪੜ੍ਹੋ:Corona Update : 24 ਘੰਟਿਆਂ ਵਿੱਚ 43,071 ਨਵੇਂ ਕੇਸ, 955 ਮੌਤਾਂ