ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਖੇਤੀ ਕਾਨੂੰਨਾਂ ਵਿਰੁੱਧ ਆਪਣਾ ਰੇਲ ਰੋਕੋ ਅੰਦੋਲਨ 8 ਅਕਤੂਬਰ ਤਕ ਵਧਾ ਦਿੱਤਾ ਹੈ। ਪਹਿਲਾਂ ਇਹ ਅੰਦੋਲਨ 5 ਅਕਤੂਬਰ ਨੂੰ ਖ਼ਤਮ ਹੋਣਾ ਸੀ। ਕਿਸਾਨਾਂ ਨੇ ਮੋਮਬੱਤੀਆਂ ਜਗਾ ਹਾਕਮ ਧਿਰਾਂ ਦਾ ਡਟ ਕੇ ਵਿਰੋਧ ਕੀਤਾ।
ਮਡੀਆ ਦੇ ਰੂ-ਬਰੂ ਹੁੰਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸਕੱਤਰ ਸੁਖਬਿੰਦਰ ਸਿੰਘ ਨੇ ਕਿਹਾ ਕਿ- 'ਇਸ ਬਿਲ ਨੂੰ ਕਾਨੂੰਨ ਬਣਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਿਲ 'ਤੇ ਵਿਚਾਰ ਚਰਚਾ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿਹਾ ਕਿ ਜਦੋਂ ਤਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂ ਲੈਂਦੀ ਰੇਲ ਰੋਕੋ ਅੰਦੋਲਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ।'
ਦੱਸਣਯੋਗ ਹੈ ਕਿ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਵੱਲੋਂ 24 ਸਤੰਬਰ ਤੋਂ ਰੇਲ ਕੋਰੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਜੋ ਕਿ 26 ਸਤੰਬਰ ਨੂੰ ਖ਼ਤਮ ਹੋਣਾ ਸੀ। ਪਰ ਸਰਕਾਰ ਦੀ ਬੇਪਰਵਾਹੀ ਨੂੰ ਵੇਖਦਿਆਂ 29 ਸਤੰਬਰ ਤੋਂ ਵੱਧਦਿਆਂ ਹੁਣ 8 ਅਕਤੂਬਰ ਨੂੰ ਖ਼ਤਮ ਹੋਵੇਗਾ।
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਵੱਖ ਵੱਖ ਥਾਵਾਂ ਤੇ ਕਿਸਾਨ ਰੇਲਵੇ ਟ੍ਰੈਕ ਤੇ ਬੈਠੇ ਹਨ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕਾਨੂੰਨ ਰੱਦ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਨ।
ਕਿਸਨਾਂ ਦਾ ਮੰਨਣਾ ਹੈ ਕਿ ਇਹ ਕਾਨੂੰਨ ਕਿਸਾਨ ਮਾਰੂ ਹਨ ਅਤੇ ਇਨ੍ਹਾਂ ਕਾਨੂੰਨਾਂ ਨਾਲ ਕਾਰਪੋਰੇਟ ਅਦਾਰਿਆਂ ਨੂੰ ਲਾਭ ਹੋਵੇਗਾ। ਦੂਜੇ ਪਾਸੇ ਸਰਕਾਰ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਇਹ ਕਾਨੂੰਨ ਕਿਸਾਨ ਪੱਖੀ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਆਪਣੀ ਹੋਂਦ, ਕਿਸਾਨੀ ਅਤੇ ਖੇਤੀ ਨੂੰ ਬਚਾਉਣ ਲਈ ਉਨ੍ਹਾਂ ਦਾ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਰਹੇਗਾ।