ਅੰਮ੍ਰਿਤਸਰ: ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦੇ ਮਾਮਲੇ ਵਿੱਚ ਕਾਰਵਾਈ ਲਈ ਸਭ ਤੋਂ ਪਹਿਲਾਂ ਸ਼ਿਕਾਇਤ ਉਨ੍ਹਾਂ ਵੱਲੋਂ ਦਿੱਤੀ ਗਈ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਾਡੀ ਖੁਦਮੁਖਤਿਆਰ ਸੰਸਥਾ ਹੈ, ਇਸ ਲਈ ਉਹ ਖੁਦ ਕਾਰਵਾਈ ਕਰਨ ਦੇ ਸਮੱਰਥ ਹਨ।
ਗੁਰਦੁਆਰਾ ਸਾਹਿਬ 'ਚੋਂ ਗਾਇਬ ਹੋਏ ਸਰੂਪਾਂ ਲਈ ਬਾਦਲ ਪਰਿਵਾਰ ਜ਼ਿੰਮੇਵਾਰ: ਔਜਲਾ - Gurjit singh Aujla
ਗੁਰਦੁਆਰਾ ਰਾਮਸਰ ਸਾਹਿਬ 'ਚੋਂ ਗਾਇਬ ਹੋਏ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮੇ ਦਰਜ ਕਰਾਉਣ ਦੀ ਗੱਲ ਕੀਤੀ ਗਈ ਪਰ ਬਾਅਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਾਰਵਾਈ ਤੋਂ ਪਾਸਾ ਵੱਟ ਗਏ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਰਹਿਬਰ ਹਨ, ਇਸ ਲਈ ਗਾਇਬ ਹੋਏ ਸਰੂਪਾਂ ਕਰਕੇ ਸਮੁੱਚੇ ਭਾਈਚਾਰੇ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਗਾਇਬ ਸਰੂਪਾਂ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਪਰ ਦੋਸ਼ੀਆਂ ਨੂੰ ਸਿਰਫ਼ ਭਾਂਡੇ ਮਾਂਜਣ ਅਤੇ ਪਾਠ ਕਰਨ ਦੀ ਸਜ਼ਾ ਦੇ ਕੇ ਦੋਸ਼ ਮੁਕਤ ਨਹੀਂ ਕੀਤਾ ਜਾ ਸਕਦਾ।
ਔਜਲਾ ਨੇ ਕਿਹਾ ਕਿ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ, ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਸੁਖਬੀਰ ਸਿੰਘ ਬਾਦਲ ਦਾ ਕਬਜ਼ਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੋਈ ਸ਼ਿਕਾਇਤ ਦਰਜ ਨਾ ਕਰਵਾਉਣ ਦੇ ਸਵਾਲ ਦੇ ਜਵਾਬ ਵਿੱਚ ਔਜਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਕਰਕੇ ਸ਼ਿਕਾਇਤ ਨਹੀਂ ਕਰਵਾਉਣਾ ਚਾਹੁੰਦੀ ਕਿਉਂਕਿ ਜੇਕਰ ਸ਼ਿਕਾਇਤ ਦੇ ਆਧਾਰ 'ਤੇ ਕਿਸੇ ਨਿਰਪੱਖ ਏਜੰਸੀ ਜਾਂ ਜੱਜ ਨੇ ਜਾਂਚ ਕੀਤੀ ਤਾਂ ਸਾਰੇ ਭੇਦ ਖੁੱਲ੍ਹ ਜਾਣਗੇ ਅਤੇ ਦੋਸ਼ੀ ਫਸ ਜਾਣਗੇ।