ਸਤਿਕਾਰ ਕਮੇਟੀ ਨੇ ਸੌਂਪਿਆ ਯਾਦ ਪੱਤਰ
ਅੰਮ੍ਰਿਤਸਰ: ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਸਿਰ ਮੱਥੇ ਪ੍ਰਵਾਨ ਕੀਤਾ ਜਾਂਦਾ ਹੈ ਪਰ ਬਹੁਤ ਸਾਰੇ ਹੁਕਮ ਤਾਂ ਅਜਿਹੇ ਹਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕਰ ਦਿੱਤੇ ਗਏ ਹਨ ਪਰ ਉਹ ਲਾਗੂ ਨਹੀਂ ਕੀਤੇ ਗਏ। ਜਿਨ੍ਹਾਂ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ ਅਪਣੇ ਜਥੇ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਯਾਦ ਪੱਤਰ ਦਿੱਤਾ।
ਇਸ ਯਾਦ ਪੱਤਰ ਵਿੱਚ ਉਹਨਾਂ ਨੇ ਮੰਗ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਤੁਰੰਤ ਲਾਗੂ ਕਰਵਾਏ ਜਾਣ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਵੱਖ-ਵੱਖ ਸਮੇਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮੇ ਜਾਰੀ ਹੁੰਦਾ ਰਹੇ ਹਨ ਪਰ ਉਹ ਲਾਗੂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਹੁਕਮਨਾਮਾ ਜਾਰੀ ਕਰਕੇ ਉਸ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਬੇਅਦਬੀ ਦਾ ਦੌਰ ਰੋਕਿਆ ਜਾ ਸਕੇ।
ਸਰੂਪ ਵਾਪਸ ਲਿਆਂਦੇ ਜਾਣ: ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਾਬਾ ਵਡਭਾਗ ਸਿੰਘ ਦੇ ਡੇਰੇ ਉੱਤੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹਨ ਜਿੱਥੇ ਉਹਨਾਂ ਦਾ ਨਿਰਾਦਰ ਹੁੰਦਾ ਹੈ। ਉੱਥੋਂ ਵੀ ਤੁਰੰਤ ਸਰੂਪ ਵਾਪਸ ਲਿਆਂਦੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਾਮਧਾਰੀਆਂ ਵੱਲੋਂ ਵੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਉੱਤੇ ਚੰਦੋਆ ਲਗਾ ਕੇ ਬੈਠਿਆ ਜਾਂਦਾ ਹੈ, ਉਹਨਾਂ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਈ ਪਿੰਡਾਂ ਦੇ ਵਿੱਚ ਗੁਰਦੁਆਰਾ ਸਾਹਿਬ ਦੇ ਅਜਿਹੇ ਗ੍ਰੰਥੀ ਹਨ, ਜੋ ਆਪਣੀ ਮਨਮਤੀ ਕਰਦੇ ਹਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਦੇ ਹਨ, ਉਹਨਾਂ ਖਿਲਾਫ ਵੀ ਹੁਕਮਨਾਮੇ ਜਾਰੀ ਕਰਕੇ ਲਾਗੂ ਕਰਨੇ ਚਾਹੀਦੇ ਹਨ।
ਪ੍ਰਦਰਸ਼ਨ ਦੀ ਚਿਤਾਵਨੀ: ਅੱਗੇ ਬੋਲਦੇ ਬਲਵੀਰ ਸਿੰਘ ਮੁੱਛਲ ਨੇ ਕਿਹਾ ਕਿ ਕਈ ਗੁਰਦੁਆਰਿਆਂ ਦੇ ਗ੍ਰੰਥੀ ਤਾਂ ਅਜਿਹੇ ਹਨ ਜੋ ਘਰੋਂ ਭੱਜ ਕੇ ਆਏ ਲੜਕੇ ਲੜਕੀਆਂ ਦੇ ਵਿਆਹ ਵੀ ਕਰਵਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗ੍ਰੰਥੀਆਂ ਉੱਤੇ ਵੀ ਐਕਸ਼ਨ ਲੈਣਾ ਚਾਹੀਦਾ ਹੈ। ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਇਹ ਸਾਰੇ ਮਾਮਲਿਆਂ ਸਬੰਧੀ ਅੱਜ ਉਹਨਾਂ ਵੱਲੋਂ ਇੱਕ ਯਾਦ ਪੱਤਰ ਸ੍ਰੀ ਅਕਾਲ ਤਖ਼ਤ ਉੱਤੇ ਦਿੱਤਾ ਗਿਆ ਹੈ। ਇਹਨਾਂ ਖਿਲਾਫ ਜਾਰੀ ਕੀਤੇ ਹੁਕਮਨਾਮਿਆਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਉਣ ਵਾਲੇ ਸਮੇਂ ਵਿੱਚ ਪ੍ਰਦਰਸ਼ਨ ਕਰਨਗੇ।