ਪੰਜਾਬ

punjab

ETV Bharat / state

ਦਰਬਾਰ ਸਾਹਿਬ ਵਿਵਾਦ: ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਲਾ ਰਹੀ ਹੈ ਢਾਹ

ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰੰਤੂ ਇਹ ਜਾਣ-ਬੁੱਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦਿੰਦੇ ਰਹੇ।

ਦਰਬਾਰ ਸਾਹਿਬ ਵਿਵਾਦ: ਪੰਜਾਬ ਸਰਕਾਰ ਕਮੇਟੀ ਦੇ ਅਕਸ ਨੂੰ ਲਾ ਰਹੀ ਹੈ ਢਾਹ
ਦਰਬਾਰ ਸਾਹਿਬ ਵਿਵਾਦ: ਪੰਜਾਬ ਸਰਕਾਰ ਕਮੇਟੀ ਦੇ ਅਕਸ ਨੂੰ ਲਾ ਰਹੀ ਹੈ ਢਾਹ

By

Published : Oct 25, 2020, 8:15 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।

ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ, ਪਰੰਤੂ ਦੁੱਖ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਨ ਦੀ ਬਜਾਏ ਖੁੱਲ੍ਹਾ ਛੱਡ ਦਿੱਤਾ ਹੈ।

ਵੇਖੋ ਵੀਡੀਓ।

ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕਾਤਲਾਨਾ ਹਮਲਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ ਕਰਵਾਇਆ ਹੈ, ਉਨ੍ਹਾਂ ’ਤੇ ਬਣਦੀਆਂ ਧਰਾਵਾਂ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ। ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰੰਤੂ ਇਹ ਜਾਣ-ਬੁੱਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦਿੰਦੇ ਰਹੇ।

ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਯਤਨ ਕੀਤਾ ਕਿ ਗੱਲਬਾਤ ਰਾਹੀਂ ਸ਼ਾਂਤੀ ਨਾਲ ਮਸਲਾ ਹੱਲ ਕੀਤਾ ਜਾਵੇ, ਪਰ ਧਰਨਾਕਾਰੀਆਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਖਲਲ ਪਾਉਣ ਦੀ ਸੀ। ਇਸੇ ਤਹਿਤ ਹੀ ਉਨ੍ਹਾਂ ਨੇ ਬੀਤੇ ਕੱਲ੍ਹ ਜਾਣ-ਬੁੱਝ ਕੇ ਹੁਲੜਬਾਜ਼ੀ ਅਤੇ ਗਾਲੀ-ਗਲੋਚ ਕੀਤੀ। ਇਥੇ ਹੀ ਬੱਸ ਨਹੀਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਸੱਟਾਂ ਲਗਾਈਆਂ।

ਇਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਉਸ ਦੀ ਗੱਡੀ ’ਤੇ ਵੀ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 6 ਮੁਲਾਜ਼ਮ ਇਸ ਵਕਤ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਭਾਈ ਲੌਂਗੋਵਾਲ ਨੇ ਸਪੱਸ਼ਟ ਆਖਿਆ ਕਿ ਜੇਕਰ ਸਰਕਾਰ ਇਮਾਨਦਾਰੀ ਨਾਲ ਧਰਨਾਕਾਰੀਆਂ ਨੂੰ ਉਠਾਉਣ ਲਈ ਸੁਹਿਰਦ ਹੁੰਦੀ ਤਾਂ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ।

ਸ਼੍ਰੋਮਣੀ ਕਮੇਟੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਬਾਰੇ ਲਿਖਤੀ ਰੂਪ ਵਿਚ ਕਿਹਾ ਵੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਿੱਖ ਸੰਸਥਾ ਨੂੰ ਤੋੜਨ ਦੀ ਮਨਸ਼ਾ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਭਾਈ ਲੌਂਗੋਵਾਲ ਨੇ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਨੂੰ ਢਾਹ ਲਗਾਉਣ ਵਾਲੀਆਂ ਸ਼ਕਤੀਆਂ ਤੋਂ ਸੁਚੇਤ ਰਹਿਣ।

ABOUT THE AUTHOR

...view details