ਅੰਮ੍ਰਿਤਸਰ: 1984 ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਹਮਲੇ ਦੌਰਾਨ ਦਰਸ਼ਨੀ ਡਿਓਢੀ 'ਤੇ ਗੋਲੀਆਂ ਲੱਗੀਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਗੋਲੀਆਂ ਦੇ ਨਿਸ਼ਾਨਾਂ ਨੂੰ ਸਾਂਭਣ ਲਈ ਸ਼ਲਾਘਾਯੋਗ ਉਪਰਾਲਾ ਕੀਤਾ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਹੁਣ ਇਨ੍ਹਾਂ ਗ਼ੋਲੀਆਂ ਦੇ ਨਿਸ਼ਾਨਾਂ ਨੂੰ ਸਾਂਭਣ ਲਈ ਕਾਰ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਗ਼ੋਲੀਆਂ ਦੇ ਨਿਸ਼ਾਨਾ ਨੂੰ ਸਟੀਲ ਦੇ ਫ਼ਰੇਮ ਵਿੱਚ ਮੜ ਕੇ ਰੱਖਿਆ ਜਾਵੇਗਾ ਤਾਂ ਕਿ ਇਹ ਨਿਸ਼ਾਨ ਸਿੱਖਾਂ ਦੀਆਂ ਅਗਲੀਆਂ ਪੀੜੀਆਂ ਵੇਖ ਸਕਣ।
ਦੱਸ ਦਈਏ, 1984 ਵਿੱਚ ਅਕਾਲ ਤਖ਼ਤ ਸਾਹਿਬ 'ਤੇ ਫ਼ੌਜ ਵੱਲੋਂ ਉਸ ਵੇਲੇ ਦੀ ਕਾਂਗਰਸ ਪਾਰਟੀ ਦੀ ਪ੍ਰਧਾਨ ਮੰਤਰੀ ਦੇ ਕਹਿਣ ਉੱਤੇ ਹਮਲਾ ਕੀਤਾ ਗਿਆ ਜਿਸ ਵਿੱਚ ਸੈਂਕੜੇ ਹੀ ਸਿੱਖ ਸ਼ੀਹਦ ਹੋ ਗਏ ਸਨ। ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦਹਿ ਢੇਰੀ ਹੋ ਗਿਆ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ 'ਤੇ ਵੀ ਸੈਂਕੜੇ ਗ਼ੋਲੀਆਂ ਵਜੀਆਂ ਜਿਸ ਨਾਲ ਡਿਓੜੀ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ। ਹੁਣ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਸਾਂਭਣ ਲਈ ਖ਼ਾਸ ਉਪਰਾਲਾ ਕਰ ਰਹੀ ਹੈ।
ਸਿੱਖ ਕੌਮ 'ਤੇ ਹੋਏ ਜ਼ੁਲਮਾਂ ਦੀ ਕਹਾਣੀ ਤੋਂ ਅਗਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਐਸਜੀਪੀਸੀ ਨੇ ਇਹ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਵੀ ਐਸਜੀਪੀਸੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਤੇ ਲੱਗੇ ਗੋਲੀਆਂ ਦੇ ਨਿਸ਼ਾਨਾ ਨੂੰ ਵੀ ਸਾਂਭ ਕੇ ਰੱਖਿਆ ਹੋਇਆ ਹੈ।