ਅੰਮ੍ਰਿਤਸਰ :ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਕੁਝ ਸਮਾਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪੂਰੇ ਦੇਸ਼ ਦੇ ਵਿੱਚੋਂ ਸੰਗਤਾਂ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰਕੇ ਦਸਤਖਤ ਕੀਤੇ ਗਏ ਸਨ। ਇਨ੍ਹਾਂ ਦੀ ਗਿਣਤੀ 26 ਲੱਖ ਦੇ ਕਰੀਬ ਹੋ ਚੁੱਕੀ ਹੈ ਅਤੇ ਲਗਾਤਾਰ ਹੀ ਐਸਜੀਪੀਸੀ ਵੱਲੋਂ ਪੰਜਾਬ ਤੇ ਗਵਰਨਰ ਨੂੰ ਮਿਲ ਕੇ ਇਹ ਪਰਫਾਰਮੇ ਦੇਣ ਦਾ ਪ੍ਰੋਗਰਾਮ ਤੈਅ ਕੀਤਾ ਜਾ ਰਿਹਾ ਸੀ ਪਰ ਸਮਾਂ ਨਾ ਮਿਲਣ ਕਰਕੇ ਇਹ ਪਰਫਾਰਮੇ ਐਸਜੀਪੀਸੀ ਦੇ ਕੋਲ ਹੀ ਪਏ ਹੋਏ ਸਨ।
26 ਲੱਖ ਲੋਕਾਂ ਨੇ ਭਰੇ ਪਰਫਾਰਮੇ :ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਸਜੀਪੀਸੀ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਅਰਦਾਸ ਕਰਕੇ 26 ਲੱਖ ਪਰਫਾਰਮੇ ਲੈ ਕੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਰਵਾਨਾ ਹੋਇਆ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਅੱਜ ਵੀ ਜੇਲਾਂ ਦੇ ਵਿੱਚ ਬੰਦ ਹਨ। ਸਰਕਾਰ ਉਹਨਾਂ ਨੂੰ ਛੱਡਣ ਦਾ ਨਾਂ ਨਹੀਂ ਲੈ ਰਹੀ ਹੈ ਅਤੇ ਲਗਾਤਾਰ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਅਤੇ ਨਾਨਕ ਨਾਮ ਲੇਵਾ ਸੰਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਆਵਾਜ਼ ਚੁੱਕ ਰਹੀਹੈ।