ਅੰਮ੍ਰਿਤਸਰ:SGPC ਵੱਲੋਂ ਸਾਲ 2021-22 ਲਈ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ ਗਿਆ । ਤੇਜਾ ਸਿੰਘ ਸਮੁੰਦਰੀ ਹੈਲ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਵੱਲੋ ਇਹ ਬਜਟ ਪੇਸ਼ ਕੀਤਾ ਗਿਆ।
ਪੇਸ਼ ਕੀਤੇ ਗਏ ਬਜਟ ਅਨੁਸਾਰ ਇਸ ਸਾਲ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬਾਨ ਤੇ ਵੱਖ ਵੱਖ ਅਦਾਰਿਆਂ ਦੀ ਅਨੁਮਾਨਿਤ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ 537 ਰੁਪਏ ਅਤੇ ਖਰਚ 9 ਅਰਬ 12 ਕਰੋੜ 59 ਲੱਖ 26 ਹਜ਼ਾਰ ਰੁਪਏ ਹੋਣ ਦੀ ਸੰਭਾਵਨਾ ਹੈ। ਇਸ ਸਾਲ ਆਮਦਨ ਨਾਲੋਂ 40 ਕਰੋੜ 66 ਲੱਖ 1 ਹਜ਼ਾਰ 1463 ਰੁਪਏ ਵੱਧ ਖਰਚ ਹੋਣ ਦੀ ਸੰਭਾਵਨਾ ਹੈ।
ਸਾਲ-2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨਣ ਦੀ ਮੰਗ
ਸ਼੍ਰੋਮਣੀ ਕਮੇਟੀ ਵੱਲੋਂ ਯੂਐਨਓ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨਣ ਦੀ ਮੰਗ ਕੀਤੀ ਗਈ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰੂਦੁਆਰਾ ਗੁਰੂ ਕੇ ਮਹਿਲ ਤੋਂ ਲੈ ਕੇ ਸ਼ਹੀਦੀ ਅਸਥਾਨ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦਿੱਲੀ ਤਕ ਸਮੁੱਚੇ ਇਤਿਹਾਸਿਕ ਅਸਥਾਨਾਂ ਦਾ ਵੱਡੀ ਪੱਧਰ ‘ਤੇ ਵਿਕਾਸ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਧਾਰਮਿਕ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਦੀ ਮੰਗ ਕੀਤੀ ਗਈ ਹੈ। ਭਾਰਤ ਤੇ ਸੂਬਾ ਸਰਕਾਰਾਂ ਵੱਲੋਂ ਕਰਵਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨੋਡਲ ਸੰਸਥਾ ਐਲਾਨਿਆ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਿਤ ਕਈ ਅਹਿਮ ਮਤੇ ਪਾਸ ਕੀਤੇ ਗਏ। ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।