ਸੁਖਬੀਰ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਮੀਡੀਆ ਨਾਲ ਗੱਲ ਕਰਦੇ ਹੋਏ ਅੰਮ੍ਰਿਤਸਰ: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਤੇਜਾ ਸਿੰਘ ਸਮੁੰਦਰੀ ਹਾਲ 'ਚ ਇਜਲਾਸ ਰੱਖਿਆ ਗਿਆ ਹੈ। ਜਿਸ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੜ ਤੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਅਕਾਲੀ ਵਿਰੋਧੀ ਧਿਰਾਂ ਵਲੋਂ ਬਲਵੀਰ ਸਿੰਘ ਘੁੰਨਸ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਿਸ 'ਚ ਦੇਖਣਾ ਹੋਵੇਗਾ ਕਿ ਅੱਜ ਕਿਸ ਦੇ ਸਿਰ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਾਜ ਸੱਜੇਗਾ।
ਅਕਾਲੀ ਦਲ ਵਲੋਂ ਧਾਮੀ ਉਮੀਦਵਾਰ: ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਕੋਲ ਕੁੱਲ 185 ਮੈਂਬਰ ਸਨ, ਜਿੰਨ੍ਹਾਂ 'ਚ 30 ਦੇ ਕਰੀਬ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਅਕਾਲ ਚਲਾਣਾ ਹੋ ਚੁੱਕਿਆ ਹੈ, ਜਦਕਿ ਚਾਰ ਮੈਂਬਰਾਂ ਵਲੋਂ ਅਸਤੀਫ਼ਾ ਦੇਣ ਦੀ ਗੱਲ ਸਾਹਮਣੇ ਆਈ ਹੈ ਤੇ ਬਾਕੀ ਬੱਚਦੇ 141 ਮੈਂਬਰਾਂ ਵਲੋਂ ਵੋਟ ਦਾ ਇਸਤੇਮਾਲ ਕਰਕੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਬੀਤੇ ਦਿਨ ਅੰਮ੍ਰਿਤਸਰ ਪਹੁੰਚੇ, ਜਿਥੇ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਪਾਰਟੀ ਵਲੋਂ ਉਮੀਦਵਾਰ ਐਲਾਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਦ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜੋ ਬਲਵੀਰ ਸਿੰਘ ਘੁੰਨਸ ਨੂੰ ਵਿਰੋਧੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਬਾਦਲ ਨੇ ਕਿਹਾ ਕਿ ਸਿਰਫ ਤੇ ਸਿਰਫ ਵਿਰੋਧੀ ਪਾਰਟੀਆਂ ਪੰਥ ਦੇ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਕਰ ਰਹੀਆਂ ਹਨ, ਇਸ ਤੋਂ ਇਲਾਵਾ ਉਹ ਕੁਝ ਨਹੀਂ ਕਰ ਰਹੀਆਂ।
ਧਾਮੀ ਨੇ ਕੀਤਾ ਪਾਰਟੀ ਪ੍ਰਧਾਨ ਦਾ ਧੰਨਵਾਦ: ਇਸ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਉਹਨਾਂ ਵੱਲੋਂ ਪਿਛਲੇ ਦੋ ਸਾਲਾਂ ਵਿੱਚੋਂ ਕਾਰਜ ਸ਼ੁਰੂ ਕੀਤੇ ਗਏ ਹਨ, ਉਸ ਨੂੰ ਪੂਰਾ ਕਰਨ ਵਾਸਤੇ ਉਹਨਾਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ, ਜਿਸ ਦਾ ਉਹ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਲੈ ਕੇ ਵੀ ਕੱਲ ਇਸ ਵਿੱਚ ਪ੍ਰਸਤਾਵ ਰੱਖਿਆ ਜਾਵੇਗਾ ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਉਚਿਤ ਕਦਮ ਚੁੱਕੇ ਜਾ ਸਕਣ। ਉਥੇ ਹੀ ਉਹਨਾਂ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਬਾਰੇ ਬੋਲਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਆਪਣੀਆਂ ਵੋਟਾਂ ਤਿਆਰ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਗੈਰ ਸਿੱਖ ਇਸ ਵਿੱਚ ਸ਼ਿਰਕਤ ਨਾ ਕਰ ਸਕਣ। ਉਹਨਾਂ ਕਿਹਾ ਕਿ ਨਾ ਤਾਂ ਸਰਕਾਰ ਵੱਲੋਂ ਇਸ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ ਅਤੇ ਨਾ ਹੀ ਹਜੇ ਤੱਕ ਇਹ ਸਾਫ ਕੀਤਾ ਜਾ ਰਿਹਾ ਹੈ ਕਿ ਚੋਣਾਂ ਕਦੋਂ ਤੱਕ ਹੋਣਗੀਆਂ।
ਅਕਾਲੀ ਵਿਰੋਧੀ ਵਲੋਂ ਘੁੰਨਸ ਉਮੀਦਵਾਰ:ਕਾਬਿਲੇਗੌਰ ਹੈ ਕਿ ਅਕਾਲੀ ਵਿਰੋਧੀ ਪਾਰਟੀਆਂ ਵਲੋਂ ਬਲਵੀਰ ਸਿੰਘ ਘੁੰਨਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਸਬੰਧੀ ਐਲਾਨ ਬਰਨਾਲਾ 'ਚ ਬੀਬੀ ਜਗੌਰ ਕੌਰ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਪ੍ਰੈਸ ਕਾਨਫਰੰਸ ਕਰਕੇ ਕੀਤਾ ਗਿਆ। ਦੱਸ ਦਈਏ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਇਸ ਵਾਰ ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ ਹੈ।