ਪੰਜਾਬ

punjab

ETV Bharat / state

ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਲਿਖਿਆ ਪੱਤਰ - ਬਲਵੰਤ ਸਿੰਘ ਰਾਜੋਆਣਾ ਬਾਰੇ ਜਾਣਕਾਰੀ

ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਵਾਪਸ ਲੈਣ ਲਈ ਪੱਤਰ ਲਿਖਿਆ ਹੈ। ਉਹਨਾਂ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੇ ਪੰਥਕ ਨੁਮਾਇੰਦਿਆਂ ਦੀ ਭਾਵਨਾ ਅਨੁਸਾਰ ਰਾਜੋਆਣਾ ਨੂੰ ਅਪੀਲ ਕੀਤੀ ਹੈ।

SGPC president Harjinder Singh Dhami wrote a letter to Balwant Singh Rajoana to call off the hunger strike
SGPC president Harjinder Singh Dhami wrote a letter to Balwant Singh Rajoana to call off the hunger strike

By ETV Bharat Punjabi Team

Published : Dec 4, 2023, 6:00 PM IST

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਇੱਕ ਪੱਤਰ ਲਿਖ ਕੇ 5 ਦਸੰਬਰ 2023 ਤੋਂ ਭੁੱਖ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜੋਆਣਾ ਨੂੰ ਇਹ ਪੱਤਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਤੇ ਪੰਥਕ ਨੁਮਾਇੰਦਿਆਂ ਦੀ ਇਕੱਤਰਤਾ ’ਚ ਪ੍ਰਾਪਤ ਹੋਏ ਸੁਝਾਵਾਂ ਦੀ ਰੋਸ਼ਨੀ ਵਿੱਚ ਲਿਖਿਆ ਹੈ। ਇਸ ਪੱਤਰ ਵਿੱਚ ਰਾਜੋਆਣਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਭੁੱਖ ਹੜਤਾਲ ’ਤੇ ਜਾਣ ਵਾਲਾ ਆਪਣਾ ਫੈਸਲਾ ਵਾਪਸ ਲੈਣ, ਕਿਉਂਕਿ ਇਹ ਗੁਰਮਤਿ ਫ਼ਲਸਫ਼ੇ ਅਨੁਸਾਰ ਠੀਕ ਨਹੀਂ ਹੈ।


ਪੱਤਰ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨੂੰ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਸਬੰਧੀ ਰਾਸ਼ਟਰਪਤੀ ਕੋਲ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਅਨੁਸਾਰ ਸੀ, ਜਿਸ ਨੂੰ ਵਾਪਸ ਲੈਣਾ ਉਚਿਤ ਨਹੀਂ ਹੈ। ਐਡਵੋਕੇਟ ਧਾਮੀ ਨੇ ਰਾਜੋਆਣਾ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਕੌਮੀ ਪ੍ਰਵਾਨੇ ਹੋ ਅਤੇ ਕੌਮ ਦੇ ਸੰਕਟਮਈ ਸਮੇਂ ਦੌਰਾਨ ਤੁਹਾਡੇ ਵੱਲੋਂ ਦ੍ਰਿੜ੍ਹਤਾ ਅਤੇ ਸੂਰਬੀਰਤਾ ਨਾਲ ਕੀਤੀ ਕੁਰਬਾਨੀ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਉਨ੍ਹਾਂ ਕਿਹਾ ਕਿ ਕਾਲੇ ਦੌਰ ਅੰਦਰ ਪੰਜਾਬ ਅਤੇ ਖ਼ਾਸਕਰ ਸਿੱਖਾਂ ਵਿਰੁੱਧ ਹੋ ਰਹੇ ਅੱਤਿਆਚਾਰ ਅਤੇ ਉਨ੍ਹਾਂ ਦੇ ਕੌਮੀ ਅਧਿਕਾਰਾਂ ਨੂੰ ਦਬਾਉਣ ਵਾਲੀ ਕਾਰਵਾਈਆਂ ਦਾ ਤੁਹਾਡੇ ਵੱਲੋਂ ਮੂੰਹਤੋੜ ਜਵਾਬ ਦੇਣ ਨਾਲ ਸਿੱਖ ਕੌਮ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ। ਤੁਹਾਡਾ ਪੂਰੀ ਸਿੱਖ ਕੌਮ ਅੰਦਰ ਵੱਡਾ ਆਦਰ ਹੈ ਅਤੇ ਤੁਹਾਡੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਅਤੇ ਸਮੁੱਚੀ ਕੌਮ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।


ਐਡਵੋਕੇਟ ਧਾਮੀ ਨੇ ਪੱਤਰ ਵਿੱਚ ਰਾਜੋਆਣਾ ਨੂੰ ਲਿਖਿਆ ਕਿ ਉਨ੍ਹਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ 2023 ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਇੱਕ ਭਰਵਾਂ ਪੰਥਕ ਪ੍ਰਦਰਸ਼ਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਵਿਚ ਸਮੂਹ ਤਖ਼ਤ ਸਾਹਿਬਾਨ ਦੇ ਨੁਮਾਇੰਦੇ, ਸਿੰਘ ਸਾਹਿਬਾਨ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਕਾਰਸੇਵਾ ਵਾਲੇ ਮਹਾਂਪੁਰਖ, ਸਮੂਹ ਕਿਸਾਨ ਜਥੇਬੰਦੀਆਂ, ਨਿਰਮਲੇ ਤੇ ਉਦਾਸੀਨ ਸੰਪ੍ਰਦਾਵਾਂ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਜਾ ਰਹੀ ਹੈ।
ਉਨ੍ਹਾਂ ਭਾਈ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹ ਕੌਮੀ ਭਾਵਨਾਵਾਂ ਨੂੰ ਵੇਖਦਿਆਂ ਭੁੱਖ ਹੜਤਾਲ ਵਰਗੀ ਕੋਈ ਵੀ ਕਾਰਵਾਈ ਨਾ ਕਰਨ। (ਪ੍ਰੈੱਸ ਨੋਟ)

ABOUT THE AUTHOR

...view details