ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।
ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ: ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2024 ਵਿਚ ਖਾਲਸਾ ਸਾਜਣਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 30 ਦਸੰਬਰ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।