ਅੰਮ੍ਰਿਤਸਰ:ਜ਼ਿਲ੍ਹੇ ਵਿੱਚ ਅੱਜ ਦਿਨ ਦਿਹਾੜੇ ਪ੍ਰਤਾਪ ਨਗਰ ਇਲਾਕੇ ਵਿਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਸ ਘਟਨਾ ਵਿੱਚ ਇਕ ਨੌਜਵਾਨ ਵੀ ਜ਼ਖਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਕੁੱਝ ਲੋਕਾਂ ਵਲੋਂ ਸਰੇਆਮ ਗੋਲੀ ਮਾਰੀ ਗਈ ਹੈ। ਇਸ ਘਟਨਾ ਤੋਂ ਬਾਅਦ ਜਖਮੀ ਹੋਏ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਪੁਲਿਸ ਵਲੋਂ ਸੀਸੀਟੀਵੀ ਫੁਟੇਜ ਵੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ ਜੋ ਨੌਜਵਾਨ ਜਖਮੀ ਹੋਇਆ ਹੈ, ਉਸਦਾ ਹਮਲਾਵਰਾਂ ਨਾਲ ਕੋਈ ਰੇੜਕਾ ਦੱਸਿਆ ਜਾ ਰਿਹਾ ਹੈ।
ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਸਾਰੀ ਵਾਰਦਾਤ:ਇਸ ਵਾਰਦਾਤ ਬਾਰੇ ਹੋਰ ਜਾਣਕਾਰੀ ਦਿੰਦਿਆਂ ਏਡੀਸੀਪੀ ਏਐੱਸ ਵਿਰਕ ਨੇ ਦੱਸਿਆ ਕਿ ਪ੍ਰਤਾਪ ਨਗਰ ਇਲਾਕੇ ਵਿੱਚ ਇਹ ਵਾਰਦਾਤ ਹੋਈ ਹੈ। ਇਹ ਇਲਾਕਾ ਥਾਣਾ ਛੇਹਰਟਾ ਦੇ ਅਧੀਨ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਉਥੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਰਣਜੀਤ ਸਿੰਘ ਨਾਂ ਦੇ ਨੌਜਵਾਨ ਨੂੰ ਗੋਲ਼ੀ ਮਾਰੀ ਗਈ ਹੈ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਨੌਜਵਾਨ ਉੱਤੇ ਪਹਿਲਾਂ ਵੀ ਇਕ ਮਾਮਲਾ ਦਰਜ ਹੈ।