'ਧਾਰਾ 295ਏ ਤਹਿਤ ਮਾਮਲਾ ਦਰਜ ਕਰਨ ਦੀ ਕੀਤੀ ਮੰਗ' ਅੰਮ੍ਰਿਤਸਰ:ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ (BJP rally at Tijara in Rajasthan) ਦੀ ਰੈਲੀ ਸਮੇਂ ਸਰਕਾਰ ਆਉਣ ਉੱਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਦਿੱਤੇ ਬਿਆਨ ਖ਼ਿਲਾਫ਼ ਸਿੱਖ ਭਾਈਚਾਰੇ ਅੰਦਰ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦੇ ਅਜਨਾਲ਼ਾ ਅੰਦਰ ਸਿੱਖ ਜਥੇਬੰਦੀਆਂ ਵੱਲੋਂ ਭਾਜਪਾ ਅਤੇ ਬਿਆਨ ਦੇਣ ਵਾਲੇ ਸੰਦੀਪ ਦਿਆਮਾ (Sandeep Dayama) ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਲੋਕਾਂ ਦੀ ਸੇਵਾ ਕਰਨ ਵਾਲੀ ਕੌਮ ਬਾਰੇ ਬਿਆਨ ਦੇਣ ਮੰਦਭਾਗਾ:ਇਸ ਮੌਕੇ ਭਾਈ ਮਨਜੀਤ ਸਿੰਘ ਬਾਠ ਅਤੇ ਭਾਈ ਕਾਬਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਭਾਜਪਾ ਦੇ ਆਗੂ ਵੱਲੋਂ ਭਰੀ ਰੈਲੀ ਵਿੱਚ ਦਿੱਤੇ ਗਏ ਬਿਆਨ ਨੂੰ ਲੈਕੇ ਸਿੱਖ ਭਾਈਚਾਰੇ ਅੰਦਰ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮਦਦ ਕੀਤੀ ਹੈ। ਜਦੋਂ ਵੀ ਦੇਸ਼-ਵਿਦੇਸ਼ ਵਿੱਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨ੍ਹਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ। (Resistance in the ajanala)
ਕਾਰਵਾਈ ਦੀ ਮੰਗ: ਉਨ੍ਹਾਂ ਕਿਹਾ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਧਾਰਮਿਕ ਸਥਾਨਾਂ ਨੂੰ ਵੱਡੇ-ਵੱਡੇ ਜ਼ਾਲਮ ਹਾਕਮ ਤਬਾਹ ਨਹੀਂ ਕਰ ਸਕੇ ਤਾਂ ਇਹ ਕੋਝੀ ਸਿਆਸਤ ਕਰਨ ਵਾਲੇ ਆਗੂਆਂ ਦੀ ਕੋਈ ਹਸਤੀ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਆਪਣੇ ਆਗੂ ਉੱਤੇ 295ਏ ਬੇਅਦਬੀ ਦੀ ਧਾਰਾ ਤਹਿਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਹੁਣ ਵੀ ਅਜਿਹੀ ਕੋਝੀ ਸਿਆਸਤ ਕਰਨ ਵਾਲੇ ਦਾ ਪੱਖ ਪੂਰਿਆ ਤਾਂ ਸਰਕਾਰ ਦਾ ਸਿੱਖ ਵਿਰੋਧੀ ਅਸਲ ਚਿਹਰਾ ਨਸ਼ਰ ਹੋ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਭਾਜਪਾ ਆਗੂ ਵਿਰੁੱਧ ਜਲਦ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਨੂੰ ਵੱਡੇ ਪੱਧਰ ਉੱਤੇ ਉਲੀਕਣਗੇ।
ਜਥੇਦਾਰ ਨੇ ਵੀ ਚੁੱਕੀ ਸੀ ਆਵਾਜ਼: ਮਾਮਲੇ ਉੱਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Giani Harpreet Singh) ਨੇ ਵੀ ਕਿਹਾ ਸੀ ਕਿ ਭਾਜਪਾ ਦੀ ਰੈਲੀ ਵਿੱਚ ਜਦੋਂ ਬਿਆਨ ਦਿੱਤਾ ਗਿਆ ਤਾਂ ਉਸ ਸਮੇਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੰਚ 'ਤੇ ਬੈਠੇ ਸਨ। ਉਨ੍ਹਾਂ ਦੀ ਜਿੰਮੇਦਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਮੰਚ ਤੋਂ ਹੀ ਵਿਰੋਧ ਕਰਦੇ ਪਰ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਵੀ ਉਹ ਇਸ ਵਰਤਾਰੇ ਦੇ ਭਾਗੀ ਬਣੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕਾਂਗਰਸ ਨੇ ਵੀ ਆਪਣੀ ਸਿੱਖ ਵਿਰੋਧੀ ਵਿਚਾਰਧਾਰਾ ਦੇ ਤਹਿਤ ਗੁਰਧਾਮਾਂ 'ਤੇ ਹਮਲੇ ਕੀਤੇ ਸਨ ਅਤੇ ਹੁਣ ਭਾਜਪਾ ਵੀ ਉਸੇ ਰਾਹ 'ਤੇ ਤੁਰਦੀ ਨਜ਼ਰ ਆ ਰਹੀ ਹੈ।